ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ ਸਰਕਾਰ: ਮੁੱਖ ਮੰਤਰੀ ਸੈਣੀ

Saturday, Apr 11, 2026 - 11:26 PM (IST)

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ ਸਰਕਾਰ: ਮੁੱਖ ਮੰਤਰੀ ਸੈਣੀ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਰਾਜ ਸਰਕਾਰ ਉਨ੍ਹਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ,। ਸ਼ਨੀਵਾਰ ਨੂੰ ਕੁਰੂਕਸ਼ੇਤਰ ਦੀ ਬਾਬੈਨ ਅਨਾਜ ਮੰਡੀ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਤਜ਼ਰਬੇ ਜਾਣੇ।

ਮੁੱਖ ਮੰਤਰੀ ਨੇ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ, ਸੁਰੱਖਿਅਤ ਅਤੇ ਕਿਸਾਨ ਪੱਖੀ ਬਣਾਉਣ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਤਿੰਨ ਪੱਧਰੀ ਫ਼ਸਲ ਤਸਦੀਕ ਪ੍ਰਣਾਲੀ ਲਾਗੂ ਕੀਤੀ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਰਜਿਸਟਰਡ ਫ਼ਸਲਾਂ ਦੇ ਅਨੁਸਾਰ ਹੀ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਿਸਟਮ ਨਾਲ ਖਰੀਦ ਵਿੱਚ ਹੋਣ ਵਾਲੀਆਂ ਬੇਨਿਯਮੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਮੰਡੀ ਦੌਰੇ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਫ਼ਸਲ ਦੀ ਵਿਕਰੀ ਅਤੇ ਅਦਾਇਗੀ ਬਾਰੇ ਚਰਚਾ ਕੀਤੀ, ਜਿਸ 'ਤੇ ਕਿਸਾਨਾਂ ਨੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ 'ਤੇ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੇ ਹਾਮਿਦਪੁਰ ਦੇ ਰਹਿਣ ਵਾਲੇ ਕਿਸਾਨ ਧਰਮਚੰਦ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ। ਮੰਡੀ ਪਹੁੰਚਣ 'ਤੇ ਮੁੱਖ ਮੰਤਰੀ ਅਤੇ ਹਰਿਆਣਾ ਰਾਜ ਬਾਲ ਭਲਾਈ ਕੌਂਸਲ ਦੀ ਉਪ ਪ੍ਰਧਾਨ ਸੁਮਨ ਸੈਣੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਕਿਸਾਨਾਂ ਦੀ ਸਹੂਲਤ ਲਈ ਹਰ ਮੰਡੀ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨੂੰ ਨਿਯਮਤ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਪ੍ਰਬੰਧਾਂ ਦੀ ਦੇਖਭਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮੰਤਰੀ ਅਤੇ ਵਿਧਾਇਕ ਵੀ ਲਗਾਤਾਰ ਮੰਡੀਆਂ ਦੇ ਦੌਰੇ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।


author

Inder Prajapati

Content Editor

Related News