ਰਾਜ ਸਭਾ ’ਚ ਵਿਰੋਧੀ ਧਿਰ ਦੀ ਸਰਕਾਰ ਨੂੰ ਅਪੀਲ- ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੋ

2/4/2021 12:40:20 PM

ਨਵੀਂ ਦਿੱਲੀ— ਰਾਜ ਸਭਾ ’ਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਕਿਸਾਨਾਂ ਦੀ ਮਾੜੀ ਆਰਥਿਕ ਸਥਿਤੀ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਰ ਕੀਤੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬੇਨਤੀ ਕੀਤੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਸਦਨ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਪ੍ਰਸਤਾਵ ’ਤੇ ਜਾਰੀ ਚਰਚਾ ਵਿਚ ਹਿੱਸਾ ਲੈਂਦੇ ਹੋਏ ਕਿਹਾ ਕਿ ਤਿੰਨੋਂ ਖੇਤੀ ਸੁਧਾਰ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਇਸ ਦੇ ਖ਼ਿਲਾਫ਼ ਅੰਦੋਲਨ ਹੋ ਰਿਹਾ ਹੈ।

ਦਿਗਵਿਜੇ ਨੇ ਕਿਹਾ ਕਿ ਲੋਕਤੰਤਰ ਵਿਚ ਜਦੋਂ ਲੋਕਾਂ ਦੀ ਭਾਵਨਾ ਨੂੰ ਰਾਜ ਧਰੋਹ ਦੇ ਰੂਪ ਵਿਚ ਵੇਖਿਆ ਜਾਂਦਾ ਹੈ, ਤਾਂ ਉੱਥੋਂ ਤਾਨਾਸ਼ਾਹੀ ਦੀ ਸ਼ੁਰੂਆਤ ਹੁੰਦੀ ਹੈ। ਲੋਕਤੰਤਰ ਵਿਚ ਵਿਰੋਧ ਅਹਿਮ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ’ਚ ਖੇਤੀ ਸੁਧਾਰ ਦੀ ਗੱਲ ਆਖੀ ਸੀ ਪਰ ਇਸ ਨੂੰ ਆਮ ਸਹਿਮਤੀ ਨਾਲ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਬਿੱਲਾਂ ’ਤੇ ਸਦਨ ਵਿਚ ਚਰਚਾ ਦੌਰਾਨ ਵਿਰੋਧੀ ਧਿਰ ਨੇ ਇਸ ਨੂੰ ਚੋਣ ਕਮੇਟੀ ’ਚ ਭੇਜਣ ਅਤੇ ਪਾਸ ਕਰਾਏ ਜਾਣ ਦੌਰਾਨ ਵੋਟ ਵੰਡ ਕਰਾਉਣ ਦੀ ਮੰਗ ਕੀਤੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ।

ਦਿਗਵਿਜੇ ਨੇ ਕਿਹਾ ਕਿ ਭਾਰਤੀ ਜਨਤਾ ਦੀ ਲੰਬੇ ਸਮੇਂ ਤੱਕ ਸਹਿਯੋਗੀ ਰਹੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਨੇਤਾ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧੀ ਕੀਤਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ। ਇਸ ਤਰ੍ਹਾਂ ਨਾਲ ਭਾਰਤੀ ਕਿਸਾਨ ਸੰਘ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਰੁਜ਼ਗਾਰ ਦੇਣ, ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਲਿਆਉਣ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਨੂੰ ਪੂਰਾ ਨਹੀਂ ਕੀਤਾ ਗਿਆ। ਉਲਟਾ ਅਰਥ ਵਿਵਸਥਾ ਦੀ ਖਰਾਬ ਸਥਿਤੀ ਕਾਰਨ ਅਸੰਗਠਿਤ ਖੇਤਰ, ਛੋਟੇ ਅਤੇ ਮੱਧ ਉਦਯੋਗਾਂ ਵਿਚ 50 ਲੱਖ ਲੋਕ ਬੇਰੁਜ਼ਗਾਰ ਹੋ ਗਏ।

ਕੋਰੋਨਾ ਆਫ਼ਤ ਦੌਰਾਨ ਦੇਸ਼ ਵਿਚ ਕੀਤੀ ਗਈ ਤਾਲਾਬੰਦੀ ਨੂੰ ਸੰਘੀ ਢਾਂਚੇ ਖ਼ਿਲਾਫ ਦੱਸਦੇ ਹੋਏ ਕਿਹਾ ਕਿ ਇਸ ਨੂੰ 4 ਘੰਟਿਆਂ ਦੇ ਅੰਦਰ ਲਾਗੂ ਕਰ ਦਿੱਤਾ ਗਿਆ ਅਤੇ ਸੂਬਿਆਂ ਨਾਲ ਚਰਚਾ ਤੱਕ ਨਹੀਂ ਕੀਤੀ ਗਈ। ਇਸ ਦੌਰਾਨ ਮਜ਼ਦੂਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੈਂਕੜੇ ਲੋਕਾਂ ਦੀ ਮੌਤ ਹੋ ਗਈ।


Tanu

Content Editor Tanu