ਗੋਂਡਾ ਰੇਲ ਹਾਦਸੇ ''ਤੇ ਬੋਲੇ ਰਾਹੁਲ- ''ਰੇਲ ਯਾਤਰੀਆਂ ਦੀ ਸੁਰੱਖਿਆ ਲਈ ਆਪਣੀ ਰਣਨੀਤੀ ਦੇਸ਼ ਨੂੰ ਦੱਸੇ ਸਰਕਾਰ

Friday, Jul 19, 2024 - 12:52 AM (IST)

ਨਵੀਂ ਦਿੱਲੀ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਗੋਂਡਾ 'ਚ ਹੋਏ ਰੇਲ ਹਾਦਸੇ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਯਾਤਰੀਆਂ ਦੀ ਸੁਰੱਖਿਆ ਅਤੇ ਹਾਦਸਿਆਂ ਨੂੰ ਰੋਕਣ ਲਈ ਆਪਣੀ ਰਣਨੀਤੀ ਦੇਸ਼ ਦੇ ਸਾਹਮਣੇ ਪੇਸ਼ ਕਰਨੀ ਚਾਹੀਦੀ ਹੈ। 

ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ਦੇ ਮੋਤੀਗੰਜ ਅਤੇ ਝਿਲਾਹੀ ਰੇਲਵੇ ਸਟੇਸ਼ਨਾਂ ਵਿਚਾਲੇ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਰੇਲਗੱਡੀ ਦੇ 8 ਡੱਬੇ ਪਟੜੀ ਤੋਂ ਉਤਰ ਗਏ। ਇਸ ਘਟਨਾ 'ਚ 5 ਯਾਤਰੀਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖਮੀ ਹੋ ਗਏ।

ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ, ''ਉੱਤਰ ਪ੍ਰਦੇਸ਼ ਦੇ ਗੋਂਡਾ 'ਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ ਕਾਰਨ ਕਈ ਯਾਤਰੀਆਂ ਦੀ ਮੌਤ ਦੀ ਖ਼ਬਰ ਬੇਹੱਦ ਦੁਖਦ ਹੈ। ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹੋਏ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ। ਕਾਂਗਰਸ ਵਰਕਰਾਂ ਨੂੰ ਅਪੀਲ ਹੈ ਕਿ ਰਾਹਤ ਅਤੇ ਬਚਾਅ ਕਾਰਜਾਂ ਵਿਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਲਗਾਤਾਰ ਵਾਪਰ ਰਹੇ ਰੇਲ ਹਾਦਸੇ ਬੇਹੱਦ ਚਿੰਤਾਜਨਕ ਹਨ ਅਤੇ ਇਹ ਸਰਕਾਰ ਦੀ ਅਣਗਹਿਲੀ ਅਤੇ ਕੁਪ੍ਰਬੰਧਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ, "ਕੁਝ ਦਿਨ ਪਹਿਲਾਂ ਲੋਕੋ ਪਾਇਲਟ ਨਾਲ ਹੋਈ ਚਰਚਾ ਅਤੇ ਹਾਲ ਹੀ ਵਿਚ ਹੋਏ ਰੇਲ ਹਾਦਸਿਆਂ 'ਤੇ ਰੇਲਵੇ ਸੁਰੱਖਿਆ ਕਮਿਸ਼ਨਰ ਦੀ ਰਿਪੋਰਟ ਵੀ ਇਹ ਸਪੱਸ਼ਟ ਕਰਦੀ ਹੈ।" ਰਾਹੁਲ ਗਾਂਧੀ ਨੇ ਕਿਹਾ, "ਸਰਕਾਰ ਨੂੰ ਤੁਰੰਤ ਇਸ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਦੇਸ਼ ਨੂੰ ਯਾਤਰੀਆਂ ਦੀ ਸੁਰੱਖਿਆ ਅਤੇ ਹਾਦਸਿਆਂ ਨੂੰ ਰੋਕਣ ਲਈ ਆਪਣੀ ਰਣਨੀਤੀ ਦੱਸਣੀ ਚਾਹੀਦੀ ਹੈ।"


Rakesh

Content Editor

Related News