ਕਿਸਾਨਾਂ ਨਾਲ ਗੱਲਬਾਤ ਕਰ ਕੇ ਸਰਕਾਰ ਸਮੱਸਿਆ ਦਾ ਹੱਲ ਕੱਢੇ: ਮਾਇਆਵਤੀ

Tuesday, May 25, 2021 - 02:30 PM (IST)

ਕਿਸਾਨਾਂ ਨਾਲ ਗੱਲਬਾਤ ਕਰ ਕੇ ਸਰਕਾਰ ਸਮੱਸਿਆ ਦਾ ਹੱਲ ਕੱਢੇ: ਮਾਇਆਵਤੀ

ਲਖਨਊ (ਭਾਸ਼ਾ)— ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ’ਚ ਡਟੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਨਸੀਹਤ ਦਿੱਤੀ ਹੈ। ਮਾਇਆਵਤੀ ਨੇ ਸਰਕਾਰ ਨੂੰ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਨੂੰ ਬੁੱਧਵਾਰ ਯਾਨੀ ਕਿ ਭਲਕੇ 26 ਮਈ 6 ਮਹੀਨੇ ਪੂਰੇ ਹੋ ਰਹੇ ਹਨ।

PunjabKesari

ਬਸਪਾ ਮੁਖੀ ਨੇ ਮੰਗਲਵਾਰ ਨੂੰ ਆਪਣੇ ਟਵੀਟ ’ਚ ਕਿਹਾ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦੇਸ਼ ਦੇ ਕਿਸਾਨ ਕੋਰੋਨਾ ਮਹਾਮਾਰੀ ਦੇ ਇਸ ਕਾਲ ਵਿਚ ਵੀ ਲਗਾਤਾਰ ਅੰਦੋਲਨ ’ਤੇ ਡਟੇ ਹੋਏ ਹਨ। ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਕੱਲ੍ਹ 26 ਮਈ ਨੂੰ ਉਨ੍ਹਾਂ ਦੇ ਦੇਸ਼ ਵਿਆਪੀ ‘ਵਿਰੋਧ ਪ੍ਰਦਰਸ਼ਨ’ ਨੂੰ ਬਸਪਾ ਦਾ ਸਮਰਥਨ। ਕੇਂਦਰ ਨੂੰ ਵੀ ਇਨ੍ਹਾਂ ਦੇ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਜ਼ਰੂਰਤ ਹੈ। 

ਮਾਇਆਵਤੀ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਦੇਸ਼ ਦੇ ਕਿਸਾਨਾਂ ਪ੍ਰਤੀ ਕੇਂਦਰ ਸਰਕਾਰ ਦਾ ਰਵੱਈਆ ਹੁਣ ਤੱਕ ਵਧੇਰੇ ਟਕਰਾਅ ਦਾ ਹੀ ਰਹਿਣ ਨਾਲ ਪੈਦਾ ਗਤੀਰੋਧ ਕਾਰਨ ਖ਼ਾਸ ਕਰ ਕੇ ਦਿੱਲੀ ਦੇ ਗੁਆਂਢੀ ਸੂਬਿਆਂ ਆਦਿ ’ਚ ਸਥਿਤੀ ਤਣਾਅਪੂਰਨ ਹੈ। ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਇਨ੍ਹਾਂ ਦੀ ਸਮੱਸਿਆ ਦਾ ਹੱਲ ਕੱਢਣ ਦੀ ਕੇਂਦਰ ਸਰਕਾਰ ਤੋਂ ਬਸਪਾ ਦੀ ਮੁੜ ਅਪੀਲ ਹੈ। 


author

Tanu

Content Editor

Related News