ਗੁਜਰਾਤ ਵਿਧਾਨ ਸਭਾ ਚੋਣਾਂ: ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

11/15/2022 3:36:46 PM

ਨਵੀਂ ਦਿੱਲੀ- ਕਾਂਗਰਸ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਮੰਗਲਵਾਰ ਨੂੰ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਜਿਸ ’ਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਨੇਤਾ ਸ਼ਾਮਲ ਹਨ। ਪਾਰਟੀ ਨੇ ਇਨ੍ਹਾਂ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਕਾਂਗਰਸ ਸਕੱਤਰ ਜਨਰਲ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ, ਕਮਲਨਾਥ, ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਦੀਸ਼ ਠਾਕੋਰ ਅਤੇ ਪ੍ਰਦੇਸ਼ ਮੁਖੀ ਰਘੂ ਸ਼ਰਮਾ ਦੇ ਨਾਂ ਵੀ ਸ਼ਾਮਲ ਹਨ।

ਦੱਸਣਯੋਗ ਹੈ ਕਿ ਰਾਹੁਲ ਗਾਂਧੀ ਇਨ੍ਹੀਂ ਦਿਨੀਂ ‘ਭਾਰਤ ਜੋੜੋ ਯਾਤਰਾ’ ’ਤੇ ਹਨ। ਇਸ ਯਾਤਰਾ ਦੇ ਚੱਲਦੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਪ੍ਰਚਾਰ ਨਹੀਂ ਕੀਤਾ ਸੀ। ਉੱਥੇ ਹੀ ਪ੍ਰਿਯੰਕਾ ਨੇ ਕਾਂਗਰਸ ਦੇ ਪ੍ਰਚਾਰ ਦੀ ਮੁਹਿੰਮ ਦੀ ਕਮਾਨ ਸੰਭਾਲੀ ਸੀ। ਗੁਜਰਾਤ ਦੀਆਂ ਕੁੱਲ 182 ਵਿਧਾਨ ਸਭਾ ਸੀਟਾਂ ’ਚੋਂ ਪਹਿਲੇ ਗੇੜ ’ਚ 89 ਸੀਟਾਂ ’ਤੇ 1 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਬਾਕੀ 93 ਸੀਟਾਂ ’ਤੇ 5 ਦਸੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। 8 ਦਸੰਬਰ ਨੂੰ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ।

Tanu

This news is Content Editor Tanu