ਰਾਮ ਰਹੀਮ ਦੇ ਗੰਨਮੈਨ ਰਹੇ ਹੌਲਦਾਰ ਨੇ ਕੀਤੀ ਖੁਦਕੁਸ਼ੀ!

10/11/2018 11:58:27 PM

ਸਿਰਸਾ(ਲਲਿਤ)— ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਗੰਨਮੈਨ ਰਹੇ ਹਰਿਆਣਾ ਪੁਲਸ ਦੇ ਹੌਲਦਾਰ ਰਾਮ ਸਿੰਘ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਪੁਲਸ ਮੌਕੇ 'ਤੇ ਪੁੱਜ ਗਈ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਕਿਹਾ ਜਾ ਰਿਹਾ ਹੈ ਕਿ ਰਾਮ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਡੇਰਾ ਮੁਖੀ ਨੂੰ ਜਬਰ-ਜ਼ਨਾਹ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਪੰਚਕੂਲਾ ਵਿਚ ਹੋਈ ਹਿੰਸਾ 'ਚ ਪੁਲਸ ਨੇ ਹੌਲਦਾਰ ਰਾਮ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ।

ਜਾਣਕਾਰੀ ਅਨੁਸਾਰ ਹੌਲਦਾਰ ਬੇਹੋਸ਼ੀ ਦੀ ਹਾਲਤ ਵਿਚ ਆਪਣੇ ਪਿੰਡ ਸਕਰਮੌਂਬਰ ਦੇ ਬਾਹਰਵਾਰ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਣ 'ਤੇ ਉਸ ਨੂੰ ਡੇਰੇ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਮਿਲਣ ਮਗਰੋਂ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਸ ਨੇ ਪੋਸਟਮਾਰਟਮ ਮਗਰੋਂ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।


Related News