ਚਢੂਨੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਕਸ਼ਨ, ਹਫ਼ਤੇ ਲਈ ਕੀਤਾ ਸਸਪੈਂਡ
Wednesday, Jul 14, 2021 - 06:41 PM (IST)
ਹਰਿਆਣਾ– ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਚਢੂਨੀ ਨੂੰ ਇਕ ਹਫਤੇ ਲਈ ਸਸਪੈਂਡ ਕਰ ਦਿੱਤਾ ਹੈ। ਇਸ ਤਹਿਤ ਗੁਰਨਾਮ ਚਢੂਨੀ 7 ਦਿਨਾਂ ਤਕ ਮੋਰਚੇ ਨਾਲ ਸਟੇਜ ’ਤੇ ਨਹੀਂ ਜਾ ਸਕਣਗੇ ਅਤੇ ਨਾ ਹੀ ਕੋਈ ਬਿਆਨਬਾਜ਼ੀ ਕਰ ਸਕਣਗੇ। ਇੰਨਾ ਹੀ ਨਹੀਂ ਉਹ ਇਕ ਹਫਤੇ ਲਈ ਕਿਸਾਨ ਮੋਰਚੇ ਦੀਆਂ ਮੀਟਿੰਗਾਂ ’ਚ ਵੀ ਹਿੱਸਾ ਨਹੀਂ ਲੈ ਸਕਣਗੇ।
ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਚਢੂਨੀ ਰੋਕਣ ਦੇ ਬਾਵਜੂਦ ਹੀ ਸਿਆਸੀ ਬਿਆਨਬਾਜ਼ੀਆਂ ਕਰ ਰਹੇ ਸਨ। ਦੱਸ ਦੇਈਏ ਕਿ ਗੁਰਨਾਮ ਸਿੰਘ ਚਢੂਨੀ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਗੂਆਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਸੱਦਾ ਦੇ ਰਹੇ ਸਨ ਜਦਕਿ ਪੰਜਾਬ ਦੀਆਂ ਜਥੇਬੰਦੀਆਂ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਤੋਂ ਰੋਕ ਰਹੀਆਂ ਸਨ ਪਰ ਉਹ ਜਥੇਬੰਦੀਆਂ ਦੀ ਗੱਲ ਨਹੀਂ ਮੰਨ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਮੋਰਚੇ ਤੋਂ 7 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਕਸਦ ਚੋਣਾਂ ਲੜਨਾ ਨਹੀਂ ਸਗੋਂ ਸਰਕਾਰ ’ਤੇ ਦਬਾਅ ਬਣਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।