400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਲਈ ਰਵਾਨਾ

04/17/2021 4:38:31 PM

ਅੰਮ੍ਰਿਤਸਰ/ਅੰਬਾਲਾ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਅੰਬ ਸਾਹਿਬ ਲੰਬੇ ਮੁਹਾਲੀ ਲਈ ਰਵਾਨਾ ਹੋਇਆ। 

ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏੇ। 
ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਮੈਂਬਰ ਸ. ਹਰਪਾਲ ਸਿੰਘ ਪਾਲੀ, ਸ. ਗੁਰਦੀਪ ਸਿੰਘ ਭਾਨੋਖੇੜੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦਾ ਸ਼ੰਭੂ ਬੈਰੀਅਰ ਰਾਜਪੁਰਾ, ਫਤਹਿਪੁਰ ਗੜੀ, ਜੀਰਕਪੁਰ ਵਿਖੇ ਵੀ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਰਸਤੇ ਵਿਚ ਸੰਗਤਾਂ ਵੱਲੋਂ ਜਿਥੇ ਸਜਾਵਟੀ ਗੇਟ ਬਣਾਏ ਗਏ ਸਨ ਉਥੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਲੰਗਰ ਵੀ ਲਗਾਏ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਸ. ਸੁਖਦੇਵ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਸ. ਕੁਲਦੀਪ ਸਿੰਘ ਮੈਨੇਜਰ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ, ਸ. ਬਲਵਿੰਦਰ ਸਿੰਘ ਚੁਡਿਆਲਾ, ਸ. ਸੁਖਦੇਵ ਸਿੰਘ ਗੋਬਿੰਦਗੜ੍ਹ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
 

DIsha

This news is Content Editor DIsha