ਨਵੇਂ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨੇ ਸੰਭਾਲਿਆ ਅਹੁਦਾ
Friday, Mar 15, 2024 - 11:27 AM (IST)
ਨਵੀਂ ਦਿੱਲੀ (ਭਾਸ਼ਾ)- ਨਵੇਂ ਨਿਯੁਕਤ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਸਾਬਕਾ ਨੌਕਰਸ਼ਾਹਾਂ ਨੂੰ ਵੀਰਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸੰਬੰਧੀ ਨਵੇਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਉਹ ਚੋਣ ਕਮਿਸ਼ਨ ਵਿਚ ਨਿਯੁਕਤ ਕੀਤੇ ਗਏ ਪਹਿਲੇ ਮੈਂਬਰ ਹਨ।
ਇਕ ਬੁਲਾਰੇ ਨੇ ਦੱਸਿਆ ਕਿ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦਾ ਸਵਾਗਤ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅਜਿਹੇ ਇਤਿਹਾਸਕ ਸਮੇਂ ਦੇ ਮਹੱਤਵ ਬਾਰੇ ਗੱਲ ਕੀਤੀ, ਜਦੋਂ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ। ਅਨੂਪ ਚੰਦਰ ਪਾਂਡੇ ਦੇ 14 ਫਰਵਰੀ ਨੂੰ ਸੇਵਾਮੁਕਤ ਹੋਣ ਅਤੇ 8 ਮਾਰਚ ਨੂੰ ਅਰੁਣ ਗੋਇਲ ਦੇ ਅਚਾਨਕ ਅਸਤੀਫ਼ੇ ਤੋਂ ਬਾਅਦ ਚੋਣ ਕਮਿਸ਼ਨ 'ਚ ਇਹ ਅਹੁਦੇ ਖ਼ਾਲੀ ਹੋ ਗਏ ਸਨ। ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦੋਵੇਂ ਸਾਲ 1988 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਦੇ ਅਧਿਕਾਰੀ ਹਨ। ਗਿਆਨੇਸ਼ ਕੁਮਾਰ ਕੇਰਲ ਕੈਡਰ ਤੋਂ ਅਤੇ ਸੁਖਬੀਰ ਸਿੰਘ ਸੰਧੂ ਉੱਤਰਾਖੰਡ ਕੈਡਰ ਤੋਂ ਆਉਂਦੇ ਹਨ।