ਡੱਲੇਵਾਲ ਦੇ ਮਰਨ ਵਰਤ ''ਤੇ ਸੰਸਦ ''ਚ ਬੋਲੇ ਹਰਸਿਮਰਤ ਬਾਦਲ, ਸਰਕਾਰ ਨੂੰ ਕੀਤੀ ਇਹ ਅਪੀਲ

Monday, Dec 16, 2024 - 05:02 PM (IST)

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘੱਟੋ-ਘੱਟ ਸਮਰਥਨ ਮੁੱਲ (MSP) ਕਾਨੂੰਨੀ ਗਾਰੰਟੀ ਬਣਾਉਣ ਸਮੇਤ ਕਿਸਾਨਾਂ ਦੀਆਂ ਮੰਗਾਂ ਮੰਨਣ ਤਾਂ ਜੋ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾ ਸਕੇ, ਜੋ ਪਿਛਲੇ 21 ਦਿਨਾਂ ਤੋਂ ਮਰਨ ਵਰਤ ’ਤੇ ਹਨ। ਇਹ ਇੰਨਾ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੁਪਰੀਮ ਕੋਰਟ ਵੱਲੋਂ ਸੂਬਾ ਤੇ ਕੇਂਦਰ ਸਰਕਾਰ ਦੋਵਾਂ ਨੂੰ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਲਈ ਰਾਜ਼ੀ ਕਰਨ ਦੀ ਹਦਾਇਤ ਦੇਣ ਦੇ ਬਾਵਜੂਦ ਕੇਂਦਰ ਨੇ ਇਕ ਜੂਨੀਅਰ ਅਧਿਕਾਰੀ ਦੀ ਡਿਊਟੀ ਲਗਾ ਦਿੱਤੀ ਹੈ ਜੋ ਕੋਈ ਵੀ ਪੇਸ਼ਕਸ਼ ਨਹੀਂ ਕਰ ਸਕਦਾ ਅਤੇ ਉਹ ਸਿਰਫ ਇਹ ਕਹਿ ਕੇ ਮੁੜ ਗਿਆ ਕਿ ਉਹ ਤਾਂ ਕਿਸਾਨਾਂ ਦੇ ਵਿਚਾਰ ਜਾਣਨ ਆਇਆ ਸੀ। 

ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਨਾਜ਼ੁਕ ਹਾਲਤ ਦਾ ਮੁੱਦਾ ਚੁੱਕਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 4 ਸਾਲ ਪਹਿਲਾਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਕ ਕਮੇਟੀ ਗਠਿਤ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿਸਾਨਾਂ ਦੀਆਂ ਸਾਰੀਆਂ ਮੰਗਾਂ ’ਤੇ ਵਿਚਾਰ ਕਰੇਗੀ ਸਰਕਾਰ ਨੂੰ ਆਪਣੀ ਗੱਲ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਕਿਸਾਨ ਅੰਦੋਲਨ ਵਿਚ 700 ਕਿਸਾਨ ਸ਼ਹੀਦ ਹੋਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਹਾਲੇ ਤੱਕ ਨਹੀਂ ਮੰਨੀਆਂ ਗਈਆਂ। ਮੈਂ ਸਰਕਾਰ ਨੂੰ ਬੇਨਤੀ ਕਰਦੀ ਹਾਂ ਕਿਸਾਨਾਂ ਦੀ ਮੰਗਾਂ ਪੂਰੀਆਂ ਕਰ ਕੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਜਾਨ ਬਚਾ ਲਓ। 

ਹਰਸਿਮਰਤ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਬਚਾਉਣ ਲਈ ਫੌਰੀ ਕਾਰਵਾਈ ਦੀ ਜ਼ਰੂਰਤ ਹੈ ਅਤੇ ਇਸ ਲਈ ਕੇਂਦਰ ਸਰਕਾਰ ਨੂੰ MSP, ਕਰਜ਼ਾ ਮੁਆਫੀ, ਕਿਸਾਨਾਂ ਅਤੇ ਖੇਤੀਬਾੜੀ ਵਰਕਰਾਂ ਲਈ ਪੈਨਸ਼ਨ ਸਮੇਤ ਸਾਰੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਅਤੇ ਭਰੋਸਾ ਦਿਵਾਇਆ ਜਾਣਾ ਚਾਹੀਦਾ ਹੈ ਕਿ ਖੇਤੀਬਾੜੀ ਸੈਕਟਰ ਲਈ ਬਿਜਲੀ ਦਰਾਂ ਵਿਚ ਵਾਧਾ ਨਹੀਂ ਕੀਤਾ ਜਾਵੇਗਾ, ਪੁਲਸ ਕੇਸ ਵਾਪਸ ਲਏ ਜਾਣਗੇ ਅਤੇ 2021 ਦੀ ਲਖੀਮਪੁਰ ਖੀਰੀ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਨੂੰ ਨਿਆਂ ਮਿਲੇਗਾ।


Tanu

Content Editor

Related News