ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. ਦਲਾਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
Wednesday, Aug 26, 2020 - 03:23 PM (IST)
ਹਰਿਆਣਾ- ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ.ਪੀ. (ਜੈ ਪ੍ਰਕਾਸ਼) ਦਲਾਲ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਦੱਸਿਆ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਦਲਾਲ ਸੂਬੇ 'ਚ ਕੋਰੋਨਾ ਵਾਇਰਸ ਨਾਲ ਇਨਫੈਕਟਡ ਪਾਏ ਗਏ ਸੱਤਾਧਾਰੀ ਭਾਜਪਾ ਦੇ 8ਵੇਂ ਵਿਧਾਇਕ ਹਨ। ਮੰਤਰੀ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਉਨ੍ਹਾਂ ਨੇ ਜਾਂਚ ਕਰਵਾਈ ਸੀ, ਜਿਸ 'ਚ ਉਨ੍ਹਾਂ ਦੇ ਇਨਫੈਕਟਡ ਹੋਣ ਦੀ ਪੁਸ਼ਟੀ ਨਹੀਂ ਹੋਈ। ਹਾਲਾਂਕਿ ਉਸ ਤੋਂ ਬਾਅਦ ਉਨ੍ਹਾਂ ਨੇ ਮੁੜ ਜਾਂਚ ਕਰਵਾਈ, ਜਿਸ 'ਚ ਉਨ੍ਹਾਂ ਦੇ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋ ਗਈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਨੂੰ ਘਰ 'ਚ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਵੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਕਰਨਾਲ ਤੋਂ ਭਾਜਪਾ ਸੰਸਦ ਮੈਂਬਰ ਸੰਜੇ ਭਾਟੀਆ ਅਤੇ ਕਰਨਾਲ ਜ਼ਿਲ੍ਹੇ ਦੀ ਘਰੌਂਦਾ ਸੀਟ ਤੋਂ ਵਿਧਾਇਕ ਹਰਵਿੰਦਰ ਕਲਿਆਣ ਨੇ ਵੀ ਟਵੀਟ ਕਰ ਕੇ ਖੁਦ ਦੇ ਕੋਰੋਨਾ ਵਾਇਰਸ ਦੀ ਲਪੇਟ 'ਚ ਆਉਣ ਦੀ ਜਾਣਕਾਰੀ ਦਿੱਤੀ ਹੈ। ਕਲਿਆਣ ਨੇ ਵੀ ਤਿੰਨ ਦਿਨ ਪਹਿਲਾਂ ਕੋਰੋਨਾ ਵਾਇਰਸ ਜਾਂਚ ਕਰਵਾਈ ਸੀ, ਜਿਸ 'ਚ ਉਨ੍ਹਾਂ ਦੇ ਇਨਫੈਕਟਡ ਹੋਣ ਦੀ ਪੁਸ਼ਟੀ ਨਹੀਂ ਹੋਈ ਸੀ ਪਰ ਲੱਛਣ ਦਿਖਾਈ ਦੇਣ ਤੋਂ ਬਾਅਦ ਉਨ੍ਹਾਂ ਨੇ ਮੁੜ ਜਾਂਚ ਕਰਵਾਈ ਤਾਂ ਇਨਫੈਕਟਡ ਹੋਣ ਦੀ ਪੁਸ਼ਟੀ ਹੋ ਗਈ। ਭਾਟੀਆ ਤੋਂ ਪਹਿਲਾਂ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬ੍ਰਜੇਂਦਰ ਸਿੰਘ ਅਤੇ ਕੁਰੂਕੁਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਨੀ ਵੀ ਕੋਰੋਨਾ ਵਾਇਰਸ ਨਾਲ ਇਨਫੈਕਟਡ ਪਾਏ ਜਾ ਚੁਕੇ ਹਨ।
ਹਰਿਆਣਾ ਦੇ ਆਵਾਜਾਈ ਮੰਤਰੀ ਮੂਲ ਚੰਦ ਸ਼ਰਮਾ ਦੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਸੋਮਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਵੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ। ਖੱਟੜ ਗੁੜਗਾਂਵ ਦੇ ਮੇਦਾਂਤਾ ਹਸਪਤਾਲ 'ਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਇਸ ਤੋਂ ਇਲਾਵਾ ਭਾਜਪਾ ਵਿਧਾਇਕ ਲਕਸ਼ਮਣ ਨਾਪਾ, ਰਾਮ ਕੁਮਾਰ ਕਸ਼ਯਪ ਅਤੇ ਅਸੀਮ ਗੋਇਲ ਵੀ ਕੋਰੋਨਾ ਵਾਇਰਸ ਨਾਲ ਇਨਫੈਕਟਡ ਪਾਏ ਜਾ ਚੁਕੇ ਹਨ।