ਸ਼ੰਭੂ ਬਾਰਡਰ ਤੋਂ ਬੈਰੀਕੇਡਜ਼ ਹਟਾਉਣ ਦੇ ਆਦੇਸ਼ ਖ਼ਿਲਾਫ਼ ਹਰਿਆਣਾ ਦੀ ਅਪੀਲ 'ਤੇ ਸੁਣਵਾਈ ਕਰੇਗਾ SC
Tuesday, Jul 16, 2024 - 05:47 PM (IST)
ਨਵੀਂ ਦਿੱਲੀ- ਸ਼ੰਭੂ ਬਾਰਡਰ ਤੋਂ ਬੈਰੀਕੇਡਿੰਗ ਹਟਾਉਣ ਖ਼ਿਲਾਫ਼ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 22 ਜੁਲਾਈ ਨੂੰ ਸੁਣਵਾਈ ਕਰੇਗਾ। ਹਰਿਆਣਾ ਸਰਕਾਰ ਨੇ ਇਕ ਹਫ਼ਤੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਮੰਗਲਵਾਰ ਨੂੰ ਜੱਜ ਸੂਰੀਆਕਾਂਤ ਅਤੇ ਉੱਜਵਲ ਭੂਈਆਂ ਦੀ ਬੈਂਚ ਨੇ ਇਸ ਮੁੱਦੇ ਨੂੰ ਅਗਲੇ ਸੋਮਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ। ਉੱਥੇ ਹੀ ਸੂਬਾ ਸਰਕਾਰ ਵਲੋਂ ਐਡਵੋਕੇਟ ਜਨਰਲ ਲੋਕੇਸ਼ ਸਿਨਹਲ ਨੇ ਕੋਰਟ ਨੂੰ ਕਿਹਾ ਕਿ ਮੁੱਦੇ 'ਤੇ ਤੁਰੰਤ ਸੁਣਵਾਈ ਦੀ ਲੋੜ ਹੈ। ਪਟੀਸ਼ਨ 'ਚ ਕਿਹਾ ਗਿਆ ਕਿ ਸਰਕਾਰ ਲੋਕਾਂ ਨੂੰ ਹੋ ਰਹੇ ਪਰੇਸ਼ਾਨੀ ਨੂੰ ਲੈ ਕੇ ਚਿੰਤਤ ਹੈ ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪਟੀਸ਼ਨ ਦਾਇਰ ਕੀਤੀ ਗਈ। ਸੂਬਾ ਸਰਕਾਰ ਵਲੋਂ ਇਹ ਵੀ ਕਿਹਾ ਗਿਆ ਕਿ ਹਾਈ ਕੋਰਟ ਨੇ ਸੁਣਵਾਈ ਦੌਰਾਨ ਅਜਿਹਾ ਕੋਈ ਆਦੇਸ਼ ਪਾਸ ਨਹੀਂ ਕੀਤਾ ਕਿ ਬੈਰੀਕੇਡ ਸਿਰਫ਼ ਉਦੋਂ ਹਟਾਇਆ ਜਾ ਸਦਕਾ ਹੈ, ਜਦੋਂ ਕਿਸਾਨ ਆਪਣਾ ਧਰਨਾ ਹਾਈਵੇਅ ਤੋਂ ਖ਼ਤਮ ਕਰਨਗੇ।
ਸੂਬਾ ਸਰਕਾਰ ਨੇ ਕਿਹਾ ਕਿ ਕੋਰਟ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਕੋਈ ਵੀ ਆਦੇਸ਼ ਦਿੱਤੇ ਬਿਨਾਂ ਪ੍ਰਯੋਗਾਤਮਕ ਆਧਾਰ 'ਤੇ ਸ਼ੰਭੂ ਬਾਰਡਰ ਖੋਲ੍ਹਣ ਦੇ ਨਿਰਦੇਸ਼ ਦੇ ਦਿੱਤੇ, ਜੋ ਕਿ ਲੋਕਾਂ ਲਈ ਵੱਡਾ ਖ਼ਤਰਾ ਬਣ ਸਕਦਾ ਹੈ। ਪਟੀਸ਼ਨ 'ਚ ਇਹ ਵੀ ਕਿਹਾ ਗਿਆ ਕਿ ਕਾਨੂੰਨ ਵਿਵਸਥਾ ਦਾ ਮੁੱਦਾ ਸੂਬਾ ਸਰਕਾਰ ਦਾ ਵਿਸ਼ਾ ਹੈ। ਸੂਬੇ 'ਚ ਕਿਸੇ ਵੀ ਹਿੰਸਾ ਅਤੇ ਸ਼ਾਂਤੀ ਭੰਗ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ। ਇਸ ਲਈ ਇਸ ਹਾਈ ਕੋਰਟ ਦੇ ਬੈਰੀਕੇਡ ਹਟਾਉਣ ਦੇ ਆਦੇਸ਼ 'ਤੇ ਵਿਚਾਰ ਕੀਤਾ ਜਾਵੇ। ਸੁਪਰੀਮ ਕੋਰਟ 22 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ 10 ਜੁਲਾਈ ਨੂੰ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਅੰਦਰ ਸ਼ੰਭੂ ਬਾਰਡਰ 'ਤੇ ਬੈਰੀਕੇਡਿੰਗ ਹਟਾਉਣ ਦਾ ਆਦੇਸ਼ ਦਿੱਤਾ ਸੀ।
ਇਹ ਹੈ ਮਾਮਲਾ
ਐੱਮ.ਐੱਸ.ਪੀ. ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਕਿਸਾਨ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਬੰਦ ਕਰ ਕੇ ਰੂਟ ਡਾਇਵਰਟ ਕਰ ਦਿੱਤਾ। ਕਿਸਾਨਾਂ ਨੇ ਕਈ ਵਾਰ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਸ ਨੇ ਹੰਝੂ ਗੈਸ ਦੇ ਗੋਲੇ, ਰਬੜ ਬੁਲੇਟ ਅਤੇ ਲਾਠੀਚਾਰਜ ਕਰ ਕੇ ਉਨ੍ਹਾਂ ਨੂੰ ਦੌੜਾ ਦਿੱਤਾ। ਖਨੌਰੀ ਬਾਰਡਰ 'ਤੇ ਪੰਜਾਬ ਦੇ ਕਿਸਾਨ ਸ਼ੁਭਕਰਨ ਦੀ ਗੋਲੀ ਲੱਗਣ ਨਾਲ ਮੌਤ ਵੀ ਹੋ ਗਈ। ਕਿਸਾਨ 6 ਮਹੀਨਿਆਂ ਤੋਂ ਖਨੌਰੀ ਸਰਹੱਦ 'ਤੇ ਡਟੇ ਹਨ। ਹਰਿਆਣਾ ਵਲੋਂ ਹਾਈਵੇਅ ਬੰਦ ਕਰਨ ਨਾਲ ਨੇੜੇ-ਤੇੜੇ ਦੇ ਲੋਕਾਂ ਅਤੇ ਵਪਾਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e