ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਅਤੇ ਚਾਰਾ-ਤੂੜੀ ਦੀ ਵਿਕਰੀ 'ਤੇ ਹਰਿਆਣਾ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ
Sunday, Apr 24, 2022 - 12:57 PM (IST)
ਹਰਿਆਣਾ– ਹਰਿਆਣਾ ’ਚ ਪਸ਼ੂਆਂ ਲਈ ਸੁੱਕਾ ਚਾਰਾ ਅਤੇ ਤੂੜੀ ਦੀ ਕਮੀ ਦੀ ਸਮੱਸਿਆ ਵੱਧਦੀ ਜਾ ਰਹੀ ਹੈ। ਸੁੱਕਾ ਚਾਰਾ ਅਤੇ ਤੂੜੀ ਦੀ ਕਿੱਲਤ ਨੂੰ ਵੇਖਦੇ ਹੋਏ ਪ੍ਰਸ਼ਾਸਨ ਨੇ ਗਊਸ਼ਾਲਾ ਸੰਚਾਲਕਾਂ ਨੂੰ ਰਾਹਤ ਦਿੱਤੀ ਹੈ। ਹੁਣ ਸੂਬੇ ਤੋਂ ਬਾਹਰ ਤੂੜੀ ਨਹੀਂ ਵੇਚੀ ਜਾ ਸਕੇਗੀ, ਇਸ ਬਾਬਤ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤਾ ਹੈ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਣਕ, ਸਰ੍ਹੋਂ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਕਾਰਨ ਸਿਹਤ ਅਤੇ ਜਾਇਦਾਦ ਨੂੰ ਨੁਕਸਾਨ ਹੁੰਦਾ ਹੈ। ਜਿਸ ਦੇ ਮੱਦੇਨਜ਼ਰ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਫ਼ੌਜਦਾਰੀ ਕਾਰਵਾਈ ਨਿਯਮ 1973 ਦੀ ਧਾਰਾ 144 ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨਾਲ-ਨਾਲ ਜ਼ਿਲ੍ਹੇ ਤੋਂ ਬਾਹਰ ਤੂੜੀ ਭੇਜਣ 'ਤੇ ਵੀ ਪਾਬੰਦੀ ਹੋਵੇਗੀ ਤਾਂ ਜੋ ਪਸ਼ੂਆਂ ਦੇ ਸੁੱਕੇ ਚਾਰੇ ਦੀ ਕੋਈ ਕਮੀ ਨਾ ਆਵੇ। ਜੇਕਰ ਕੋਈ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਭਾਰਤੀ ਸਜ਼ਾ ਦੀ ਧਾਰਾ 188, ਹਵਾ ਅਤੇ ਪ੍ਰਦੂਸ਼ਣ ਕੰਟਰੋਲ ਐਕਟ 1881 ਤਹਿਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਬੀਤੇ ਦਿਨੀਂ ਗਊਸ਼ਾਲਾ ਸੰਚਾਲਕਾਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਤੂੜੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਸੀ। ਸੰਚਾਲਕਾਂ ਨੇ ਪ੍ਰਸ਼ਾਸਨ ਨੂੰ ਅਲਟੀਮੇਟਮ ਵੀ ਦਿੱਤਾ ਸੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਰੇਟਾਂ ’ਚ ਕਟੌਤੀ ਨਾ ਕੀਤੀ ਤਾਂ ਮਜਬੂਰਨ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਕੇ ਗਊਸ਼ਾਲਾਵਾਂ ਨੂੰ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ।