CM ਸੈਣੀ ਨੇ ਭਰਿਆ ਨਾਮਜ਼ਦਗੀ ਪੱਤਰ, ਰੋਡ ਸ਼ੋਅ ਵੀ ਕੀਤਾ

Tuesday, Sep 10, 2024 - 03:30 PM (IST)

ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 5 ਅਕਤੂਬਰ ਨੂੰ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਲਾਡਵਾ ਵਿਧਾਨ ਸਭਾ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਸੀ.ਐੱਮ. ਸੈਣੀ ਨਾਲ ਉਨ੍ਹਾਂ ਦੀ ਪਤਨੀ ਸੁਮਨ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਅਤੇ ਕੁਰੂਕੁਸ਼ੇਤਰ ਤੋਂ ਸੰਸਦ ਮੈਂਬਰ ਨਵੀਨ ਜਿੰਦਲ ਵੀ ਮੌਜੂਦ ਰਹੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸੈਣੀ ਨੇ ਲਾਡਵਾ ਵਿਧਾਨ ਸਭਾ ਖੇਤਰ 'ਚ ਰੋਡ ਸ਼ੋਅ ਕੀਤਾ, ਜਿੱਥੇ ਭਾਜਪਾ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪਾਰਟੀ ਆਗੂਆਂ ਨਾਲ ਸੈਣੀ ਨੇ ਰੋਡ ਸ਼ੋਅ ਦੌਰਾਨ ਟਰੈਕਟਰ ਵੀ ਚਲਾਇਆ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਖੱਟੜ ਨੇ ਕਿਹਾ ਕਿ ਭਾਜਪਾ ਹਰਿਆਣਾ 'ਚ ਤੀਜੀ ਵਾਰ ਸਰਕਾਰ ਬਣਾਏਗੀ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ,''ਵੋਟਰਾਂ ਨੇ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।'' ਸੈਣੀ ਨੇ ਕਿਹਾ ਕਿ ਪਾਰਟੀ ਪਹਿਲੇ ਹੀ 67 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਬਾਕੀ 23 ਉਮੀਦਵਾਰਾਂ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਵਿਧਾਨ ਸਭਾ ਚੋਣਾਂ 'ਚ ਹਾਰ ਵੱਲ ਵੱਧ ਰਹੀ ਹੈ। ਇਸ ਤੋਂ ਪਹਿਲੇ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਸਰਕਾਰ ਨੇ ਸੂਬੇ ਨੂੰ ਨਵੀਂ ਦਿਸ਼ਾ ਦਿੱਤੀ ਹੈ। ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਦੇ ਕਲਿਆਣ ਲਈ ਕਈ ਫ਼ੈਸਲੇ ਲਏ ਹਨ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News