CM ਸੈਣੀ ਨੇ ਕਾਂਗਰਸ ''ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਭਾਜਪਾ ਪੂਰੇ ਕਰਦੀ ਹੈ ਆਪਣੇ ਵਾਅਦੇ
Monday, Aug 26, 2024 - 04:27 PM (IST)
ਹਰਿਆਣਾ (ਭਾਸ਼ਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਆਪਣੇ ਵਾਅਦੇ ਪੂਰੇ ਕਰਦੀ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਕਈ ਕਲਿਆਣਕਾਰੀ ਫ਼ੈਸਲੇ ਹਨ। ਉਨ੍ਹਾਂ ਕਿਹਾ ਕਿ ਸੱਤਾ 'ਚ ਰਹਿੰਦਿਆਂ ਆਪਣੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਕਾਂਗਰਸ ਦੇ ਉਲਟ ਭਾਜਪਾ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ। ਭਾਜਪਾ ਇਕ ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਸੱਤਾ 'ਚ ਆਉਣ ਦੀ ਉਮੀਦ ਕਰ ਰਹੀ ਹੈ। ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਰੋਹਤਕ 'ਚ ਪਾਰਟੀ ਦੇ ਸੂਬਾ ਚੋਣ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਆਪਣੇ ਸੰਬੋਧਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ 'ਚ ਰੱਖਣ ਦਾ ਮਨ ਬਣਾ ਲਿਆ ਹੈ। ਭਾਜਪਾ ਸਰਕਾਰ ਵੱਲੋਂ ਬਰਾਬਰ ਵਿਕਾਸ ਕਰਵਾਉਣ ਦਾ ਦਾਅਵਾ ਕਰਦਿਆਂ ਸੈਣੀ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਰਾਜ ਦੌਰਾਨ ਨੌਕਰੀਆਂ 'ਚ ਪੱਖਪਾਤ ਕਾਰਨ ਨੌਜਵਾਨਾਂ ਦਾ ਇਸ ਤੋਂ ਵਿਸ਼ਵਾਸ ਉੱਠ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ 'ਚ 1.50 ਲੱਖ ਤੋਂ ਵੱਧ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਕੁਝ ਭਰਤੀਆਂ ਚੱਲ ਰਹੀਆਂ ਹਨ ਪਰ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਇਨ੍ਹਾਂ ਦੇ ਨਤੀਜੇ ਚੋਣਾਂ ਤੋਂ ਬਾਅਦ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਯੋਗਤਾ ਦੇ ਆਧਾਰ 'ਤੇ ਭਰਤੀ ਕੀਤੀ ਹੈ, ਜਿਸ ਕਾਰਨ ਗਰੀਬ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀਆਂ ਮਿਲੀਆਂ ਹਨ। ਸੈਣੀ ਨੇ ਸਰਕਾਰ ਦੇ ਤਾਜ਼ਾ ਫੈਸਲੇ ਦਾ ਵੀ ਜ਼ਿਕਰ ਕੀਤਾ, ਜਿਸ ਤਹਿਤ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 500 ਰੁਪਏ 'ਚ ਐੱਲਪੀਜੀ ਸਿਲੰਡਰ ਮਿਲੇਗਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਕਾਰਨ ਘਬਰਾ ਗਈ ਹੈ। ਉਨ੍ਹਾਂ ਕਿਹਾ,"ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਕੋਈ ਐਲਾਨ ਨਹੀਂ ਹੈ ਪਰ ਸਾਡੀ ਸਰਕਾਰ ਨੇ ਇਸ ਨੂੰ ਲਾਗੂ ਕੀਤਾ ਹੈ।" ਸੈਣੀ ਨੇ ਕਿਹਾ ਕਿ ਭਾਜਪਾ ਨੇ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਇਸ ਨੇ ਗਰੀਬਾਂ ਨੂੰ 100 ਵਰਗ ਗਜ਼ ਦੇ ਪਲਾਟ ਦੇਣ ਦਾ ਵਾਅਦਾ ਕੀਤਾ ਸੀ ਪਰ ਲਾਭਪਾਤਰੀਆਂ ਨੂੰ ਨਾ ਤਾਂ ਇਨ੍ਹਾਂ ਪਲਾਟਾਂ ਦੇ ਕੋਈ ਕਾਗਜ਼ ਮਿਲੇ ਅਤੇ ਨਾ ਹੀ ਕਬਜ਼ਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਘਰ-ਘਰ ਭਟਕਦੇ ਰਹੇ ਅਤੇ ਭਾਜਪਾ ਸਰਕਾਰ ਨੇ ਜ਼ਮੀਨ ਦਾ ਕਬਜ਼ਾ ਅਤੇ ਦਸਤਾਵੇਜ਼ ਉਨ੍ਹਾਂ ਨੂੰ ਸੌਂਪ ਦਿੱਤੇ। ਮੁੱਖ ਮੰਤਰੀ ਨੇ ਕਿਹਾ,“ਅਸੀਂ ਇਹ ਸਕੀਮ ਵੀ ਬਣਾਈ ਹੈ ਕਿ ਜਿਨ੍ਹਾਂ ਗਰੀਬ ਲੋਕਾਂ ਨੂੰ ਪਲਾਟ ਨਹੀਂ ਮਿਲੇ ਹਨ, ਉਹ ਵੀ ਰਜਿਸਟਰਡ ਹੋਣ। ਇਸ ਸਕੀਮ ਦੇ ਐਲਾਨ ਤੋਂ ਤੁਰੰਤ ਬਾਅਦ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ, ਨਹੀਂ ਤਾਂ 50,000 ਤੋਂ 60,000 ਲਾਭਪਾਤਰੀਆਂ ਨੂੰ ਪਲਾਟ ਦੇ ਦਿੱਤੇ ਹੁੰਦੇ।'' ਸੈਣੀ ਨੇ ਕਿਹਾ ਕਿ 4 ਅਕਤੂਬਰ ਤੋਂ ਬਾਅਦ ਜਿਨ੍ਹਾਂ ਲੋਕਾਂ ਨੂੰ ਪਲਾਟ ਨਹੀਂ ਮਿਲੇ ਹਨ ਪਰ ਰਜਿਸਟਰਡ ਹਨ, ਉਨ੍ਹਾਂ ਨੂੰ ਭਾਜਪਾ ਸਰਕਾਰ ਵੱਲੋਂ ਪਲਾਟ ਦਿੱਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੁੜ ਸੱਤਾ 'ਚ ਆਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8