‘ਦਿ ਕਸ਼ਮੀਰ ਫਾਈਲਜ਼’ ਫਿਲਮ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ
Saturday, Mar 12, 2022 - 12:23 PM (IST)
ਅੰਬਾਲਾ– ਫਿਲਮ ਡਾਇਰੈਕਟਰ ਵਿਵੇਕ ਅਗਨੀਹੋਤਰੀ ਦੀ ਫਿਲਮ ‘ਦਿ ਕਸ਼ਮੀਰ ਫਾਈਲਜ਼’ ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਲੈ ਕੇ ਕਾਫੀ ਵਿਵਾਦਾਂ ਹੋਇਆ ਸੀ। ਇਸ ਦਰਮਿਆਨ ਹਰਿਆਣਾ ਸਰਕਾਰ ਨੇ ਇਸ ਫਿਲਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ ‘ਦਿ ਕਸ਼ਮੀਰ ਫਾਈਲਜ਼’ ਫਿਲਮ ਨੂੰ ਟੈਕਸ ਮੁਕਤ ਕਰ ਦਿੱਤਾ ਹੈ। ਸਰਕਾਰ ਦਾ ਇਹ ਫੈਸਲਾ ਹੁਕਮ ਲਾਗੂ ਹੋਣ ਦੀ ਤਾਰੀਖ਼ ਤੋਂ 6 ਮਹੀਨਿਆਂ ਤੱਕ ਲਾਗੂ ਰਹੇਗਾ। ਇਸ ਸਬੰਧੀ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਅਸੀਂ ਫਿਲਮ 'ਦਿ ਕਸ਼ਮੀਰ ਫਾਈਲਜ਼' ਨੂੰ ਹਰਿਆਣਾ 'ਚ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਵਿਭਾਗ ਨੂੰ ਹੁਣ ਇਹ ਵੇਖਣਾ ਹੋਵੇਗਾ ਕਿ ਸਿਨੇਮਾ ਥੀਏਟਰ, ਮਲਟੀਪਲੈਕਸ ਨਾ ਤਾਂ ਵੱਖ-ਵੱਖ ਸ਼੍ਰੇਣੀਆਂ ਦੀਆਂ ਮੌਜੂਦਾ ਸੀਟਾਂ ਵਧਾ ਸਕਦੇ ਹਨ ਅਤੇ ਨਾ ਹੀ ਸਮਰੱਥਾ ਤੋਂ ਵੱਧ ਲੋਕਾਂ ਨੂੰ ਇਜਾਜ਼ਤ ਦੇ ਸਕਦੇ ਹਨ। ਇਸ ਦੌਰਾਨ ਫਿਲਮ ਨੂੰ ਟੈਕਸ ਮੁਕਤ ਕੀਤੇ ਜਾਣ ਤੋਂ ਬਾਅਦ ਫਿਲਮ ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਧੰਨਵਾਦ ਕੀਤਾ।
ਕਸ਼ਮੀਰੀ ਪੰਡਤਾਂ ਦੇ ਸੰਘਰਸ਼ ਨੂੰ ਬਿਆਨ ਕਰਦੀ ਹੈ ਫਿਲਮ-
ਇਹ ਫਿਲਮ 90 ਦੇ ਦਹਾਕੇ ਵਿਚ ਕਸ਼ਮੀਰੀ ਪੰਡਤਾਂ ਦੇ ਬੇਘਰ ਹੋਣ ਦੀ ਕਹਾਣੀ ਨੂੰ ਦਰਸਾਉਂਦੀ ਹੈ। ਇਸ ਫਿਲਮ ’ਚ ਇਹ ਵੀ ਦੱਸਿਆ ਗਿਆ ਹੈ ਕਿ ਕਿਵੇਂ ਕਸ਼ਮੀਰੀ ਪੰਡਤਾਂ ਨੂੰ ਆਪਣੇ ਘਰੋਂ ਭੱਜਣ ਲਈ ਮਜ਼ਬੂਰ ਕੀਤਾ ਗਿਆ ਸੀ। ਫ਼ਿਲਮ ਨਾ ਸਿਰਫ਼ ਕਸ਼ਮੀਰੀ ਪੰਡਤਾਂ ਦੇ ਦਰਦ ਅਤੇ ਸੰਘਰਸ਼ ਨੂੰ ਦਰਸਾਉਂਦੀ ਹੈ, ਸਗੋਂ ਉਸ ਦੌਰ ਦੀ ਰਾਜਨੀਤੀ 'ਤੇ ਵੀ ਸਵਾਲ ਖੜ੍ਹੇ ਕਰਦੀ ਹੈ। ਇਸ ਬਾਰੇ ਸੋਸ਼ਲ ਮੀਡੀਆ 'ਤੇ ਚਰਚਾ ਦਾ ਬਾਜ਼ਾਰ ਗਰਮ ਹੈ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ। ਫਿਲਮ ਦਿ ਕਸ਼ਮੀਰ ਫਾਈਲਜ਼ ਕਈ ਵਿਵਾਦਾਂ ਵਿਚ ਘਿਰੀ ਹੋਈ ਸੀ। ਵਿਵਾਦਾਂ ਤੋਂ ਬਾਹਰ ਆਉਣ ਤੋਂ ਬਾਅਦ ਇਹ ਫਿਲਮ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ।