ਸ਼ਿਮਲਾ ''ਚ ਭਾਰੀ ਲੈਂਡਸਲਾਈਡ, ਟ੍ਰੈਫਿਕ ਪੂਰੀ ਤਰ੍ਹਾਂ ਬੰਦ; ਐਡਵਾਈਜ਼ਰੀ ਜਾਰੀ
Thursday, Jun 18, 2026 - 10:23 PM (IST)
ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਢਲੀ-ਸੰਜੌਲੀ ਬਾਈਪਾਸ ਮਾਰਗ 'ਤੇ ਭਾਰੀ ਲੈਂਡਸਲਾਈਡ ਹੋਣ ਕਾਰਨ ਸੜਕ 'ਤੇ ਵੱਡੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਆ ਗਏ ਹਨ। ਇਸ ਘਟਨਾ ਕਾਰਨ ਇਹ ਮਹੱਤਵਪੂਰਨ ਮਾਰਗ ਦੋਵਾਂ ਪਾਸਿਆਂ ਤੋਂ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰਾਹਤ ਦੀ ਗੱਲ ਇਹ ਰਹੀ ਕਿ ਜਿਸ ਸਮੇਂ ਪਹਾੜੀ ਤੋਂ ਮਲਬਾ ਅਤੇ ਚੱਟਾਨਾਂ ਸੜਕ 'ਤੇ ਡਿੱਗੀਆਂ, ਉਸ ਸਮੇਂ ਉੱਥੋਂ ਕੋਈ ਵੀ ਵਾਹਨ ਨਹੀਂ ਗੁਜ਼ਰ ਰਿਹਾ ਸੀ, ਜਿਸ ਕਾਰਨ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ। ਸਥਾਨਕ ਲੋਕਾਂ ਅਨੁਸਾਰ ਅਚਾਨਕ ਹੋਏ ਇਸ ਲੈਂਡਸਲਾਈਡ ਕਾਰਨ ਪੂਰੇ ਇਲਾਕੇ ਵਿੱਚ ਭਾਜੜ ਮਚ ਗਈ।
ਘਟਨਾ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਅਲਰਟ ਮੋਡ 'ਤੇ ਆ ਗਏ ਹਨ। ਸੜਕ ਤੋਂ ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਹਿਲਾਂ ਸੜਕ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਆਵਾਜਾਈ ਬਹਾਲ ਕੀਤੀ ਜਾਵੇਗੀ। ਫਿਲਹਾਲ ਰਸਤਾ ਖੁੱਲ੍ਹਣ ਦਾ ਕੋਈ ਨਿਸ਼ਚਿਤ ਸਮਾਂ ਨਹੀਂ ਦੱਸਿਆ ਗਿਆ ਹੈ।
ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਸੜਕ ਨੂੰ ਬੰਦ ਕੀਤਾ ਗਿਆ ਹੈ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਨੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਢਲੀ-ਸੰਜੌਲੀ ਬਾਈਪਾਸ ਮਾਰਗ ਦੀ ਵਰਤੋਂ ਕਰਨ ਤੋਂ ਬਚਣ ਅਤੇ ਆਪਣੇ ਮੰਜਿਲ ਤੱਕ ਪਹੁੰਚਣ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਦੀ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਲੈ ਲੈਣ।
