ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ''ਚ ਹਨ੍ਹੇਰੀ-ਤੂਫ਼ਾਨ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ
Thursday, Jun 18, 2026 - 08:20 PM (IST)
ਨੈਸ਼ਨਲ ਡੈਸਕ- ਭਾਰਤੀ ਮੌਸਮ ਵਿਭਾਗ ਨੇ ਉੱਤਰੀ ਭਾਰਤ ਸਣੇ ਦੇਸ਼ ਦੇ ਕਈ ਸੂਬਿਆਂ 'ਚ ਅਗਲੇ ਕੁਝ ਦਿਨਾਂ ਲਈ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਅਲਰਟ ਅਨੁਸਾਰ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਵਰਗੇ ਸੂਬਿਆਂ 'ਚ ਤੇਜ਼ ਹਵਾਵਾਂ ਦੇ ਨਾਲ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ।
ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ-ਐੱਨਸੀਆਰ ਵਿੱਚ 18 ਤੋਂ 22 ਜੂਨ ਤੱਕ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜੋ ਗਰਮੀ ਤੋਂ ਰਾਹਤ ਦੇਣ ਦੇ ਨਾਲ-ਨਾਲ ਆਮ ਜੀਵਨ ਨੂੰ ਪ੍ਰਭਾਵਿਤ ਵੀ ਕਰ ਸਕਦੀਆਂ ਹਨ।
ਪੱਛਮੀ ਰਾਜਸਥਾਨ 'ਚ ਮੌਸਮ ਸਭ ਤੋਂ ਵੱਧ ਖ਼ਰਾਬ ਰਹਿਣ ਦਾ ਅਨੁਮਾਨ ਹੈ। ਇੱਥੇ 18 ਅਤੇ 19 ਜੂਨ ਨੂੰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਭਿਆਨਕ ਧੂੜ ਭਰੀ ਹਨ੍ਹੇਰੀ ਅਤੇ ਚੱਕਰਵਾਤੀ ਤੂਫ਼ਾਨ ਆਉਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਪੂਰਬੀ ਰਾਜਸਥਾਨ 'ਚ ਵੀ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ।
ਦੱਖਣ-ਪੱਛਮੀ ਮਾਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਅਗਲੇ 4-5 ਦਿਨਾਂ 'ਚ ਇਹ ਬਿਹਾਰ, ਝਾਰਖੰਡ, ਓਡੀਸ਼ਾ, ਤੇਲੰਗਾਨਾ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਦਸਤਕ ਦੇ ਸਕਦਾ ਹੈ।
ਪੱਛਮੀ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ 18-19 ਜੂਨ ਅਤੇ ਫਿਰ 22-24 ਜੂਨ ਦੇ ਆਸ-ਪਾਸ ਮੀਂਹ ਪੈਣ ਦਾ ਅਨੁਮਾਨ ਲਗਾਇਆ ਗਿਆ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ, ਖ਼ਾਸ ਕਰਕੇ ਤੇਜ਼ ਹਨੇਰੀ ਅਤੇ ਬਿਜਲੀ ਚਮਕਣ ਵੇਲੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ ਕੀਤੀ ਗਈ ਹੈ।
