ਇਨ੍ਹਾਂ 4 ਸੂਬਿਆਂ ''ਚ ਮੋਹਲੇਧਾਰ ਮੀਂਹ, 40 ਕਿ.ਮੀ. ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
Friday, Feb 28, 2025 - 11:54 AM (IST)

ਨਵੀਂ ਦਿੱਲੀ- ਦੇਸ਼ ਦੇ ਕਈ ਹਿੱਸਿਆਂ 'ਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 24 ਘੰਟਿਆਂ ਦੌਰਾਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਅਰੁਣਾਚਲ ਪ੍ਰਦੇਸ਼ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਦਿੱਲੀ-NCR, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿੱਲੀ ਵਿਚ ਗਰਮੀ ਨੇ 74 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।
ਕਿਹੜੇ ਸੂਬਿਆਂ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ?
IMD ਮੁਤਾਬਕ 28 ਫਰਵਰੀ ਨੂੰ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ-ਲੱਦਾਖ-ਗਿਲਗਿਤ-ਬਾਲਤਿਸਤਾਨ-ਮੁਜ਼ੱਫਰਾਬਾਦ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ 'ਚ ਮੋਹਲੇਧਾਰ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਤੇਜ਼ ਹਵਾਵਾਂ ਦੀ ਚਿਤਾਵਨੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ 'ਚ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ 'ਚ 28 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 28 ਫਰਵਰੀ ਅਤੇ 1 ਮਾਰਚ ਨੂੰ ਆਸਾਮ ਅਤੇ ਮੇਘਾਲਿਆ 'ਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਤੇਜ਼ ਗਰਮੀ ਦਾ ਅਸਰ
ਮਹਾਰਾਸ਼ਟਰ, ਗੁਜਰਾਤ, ਕੋਂਕਣ ਅਤੇ ਗੋਆ ਵਿੱਚ ਗਰਮੀ ਦਾ ਪ੍ਰਭਾਵ ਤੇਜ਼ੀ ਨਾਲ ਵੱਧ ਰਿਹਾ ਹੈ। ਇਨ੍ਹਾਂ ਇਲਾਕਿਆਂ 'ਚ ਅਗਲੇ 24 ਘੰਟਿਆਂ ਦੌਰਾਨ ਤਾਪਮਾਨ ਹੋਰ ਵਧ ਸਕਦਾ ਹੈ। ਹਾਲਾਂਕਿ, ਅਗਲੇ ਦੋ ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ ਕੋਈ ਬਹੁਤਾ ਬਦਲਾਅ ਨਹੀਂ ਹੋਵੇਗਾ, ਪਰ ਇਸ ਤੋਂ ਬਾਅਦ ਇਹ 2-4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ।