ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ
Friday, Sep 04, 2026 - 09:05 PM (IST)
ਨੈਸ਼ਨਲ ਡੈਸਕ : ਦੇਸ਼ ਭਰ 'ਚ ਮਾਨਸੂਨ ਦੇ ਸਰਗਰਮ ਹੋਣ ਅਤੇ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਮੌਸਮ ਦਾ ਮਿਜਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ 5 ਸਤੰਬਰ ਲਈ ਦੇਸ਼ ਦੇ 12 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਤਾਜ਼ਾ ਬੁਲੇਟਿਨ ਅਨੁਸਾਰ ਦਿੱਲੀ-NCR, ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਭਾਰੀ ਬਾਰਸ਼ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਤੇ ਆਸ-ਪਾਸ ਦੇ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਲਾਗੂ ਹੈ। 5 ਸਤੰਬਰ ਨੂੰ ਵੀ ਇੱਥੇ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਹਲਕੇ ਤੋਂ ਦਰਮਿਆਨੇ ਮੀਂਹ ਦੀਆਂ ਬੌਛਾਰਾਂ ਪੈਣ ਦੀ ਉਮੀਦ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਕੜਕਣ ਦੀ ਵੀ ਸ਼ੱਕ ਜਤਾਇਆ ਗਿਆ ਹੈ, ਜਦਕਿ ਤਾਪਮਾਨ 24°C ਤੋਂ 31°C ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਦੂਜੇ ਪਾਸੇ, ਰਾਜਸਥਾਨ 'ਚ ਵੀ ਮੌਸਮ ਬਦਲਿਆ ਹੋਇਆ ਹੈ, ਜਿੱਥੇ ਪਿਛਲੇ 24 ਘੰਟਿਆਂ 'ਚ ਭਾਰੀ ਬਾਰਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਮੱਧ ਪ੍ਰਦੇਸ਼ ਤੇ ਦੱਖਣੀ ਉੱਤਰ ਪ੍ਰਦੇਸ਼ ਦੇ ਉੱਪਰ ਇੱਕ ਘੱਟ ਦਬਾਅ ਦਾ ਖੇਤਰ ਬਣਿਆ ਹੋਇਆ ਹੈ, ਜਿਸ ਕਾਰਨ ਦੱਖਣੀ-ਪੂਰਬੀ ਰਾਜਸਥਾਨ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਜੈਪੁਰ, ਭਰਤਪੁਰ, ਅਜਮੇਰ, ਕੋਟਾ ਅਤੇ ਸ਼ੇਖਾਵਤੀ ਖੇਤਰਾਂ 'ਚ ਦਰਮਿਆਨੇ ਤੋਂ ਤੇਜ਼ ਮੀਂਹ ਦੀ ਸੰਭਾਵਨਾ ਹੈ, ਜਦਕਿ ਕੋਟਾ ਸੰਭਾਗ 'ਚ ਕੁਝ ਥਾਵਾਂ 'ਤੇ ਅਤਿ ਭਾਰੀ ਬਾਰਸ਼ ਹੋਣ ਦਾ ਖ਼ਦਸ਼ਾ ਹੈ। ਮੱਧ ਪ੍ਰਦੇਸ਼ ਵਿੱਚ ਵੀ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪੱਛਮੀ ਮੱਧ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਇਸ ਗੰਭੀਰ ਚੇਤਾਵਨੀ ਦੇ ਮੱਦੇਨਜ਼ਰ ਮੁੱਖ ਮੰਤਰੀ ਮੋਹਨ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਕਲੈਕਟਰਾਂ ਨੂੰ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਪਹਾੜੀ ਰਾਜਾਂ ਵਿੱਚ ਵੀ ਮੌਸਮ ਖ਼ਰਾਬ ਬਣਿਆ ਹੋਇਆ ਹੈ। ਉੱਤਰਾਖੰਡ ਵਿੱਚ ਵਿਆਪਕ ਬਾਰਸ਼ ਦੇ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਨਾਲ ਪਹਾੜੀ ਖੇਤਰਾਂ ਵਿੱਚ ਢਿੱਗਾਂ ਡਿੱਗਣ ਦਾ ਖ਼ਤਰਾ ਕਾਫ਼ੀ ਵੱਧ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਕਾਰਨ ਹੁਣ ਤੱਕ 102 ਸੜਕਾਂ ਬੰਦ ਹੋ ਚੁੱਕੀਆਂ ਹਨ ਅਤੇ ਸ਼ਿਮਲਾ ਮੌਸਮ ਕੇਂਦਰ ਨੇ ਸ਼ਨੀਵਾਰ ਲਈ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਦਿੰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।
ਉੱਤਰ ਪ੍ਰਦੇਸ਼ ਦੇ ਪੱਛਮੀ ਜ਼ਿਲ੍ਹਿਆਂ ਵਿੱਚ ਵਿਆਪਕ ਮੀਂਹ, ਆਂਧੀ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਦਕਿ ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੌਸਮ ਲਗਭਗ ਖੁਸ਼ਕ ਰਹੇਗਾ ਅਤੇ ਉੱਥੇ ਸਿਰਫ਼ ਕੁਝ ਥਾਵਾਂ 'ਤੇ ਹੀ ਹਲਕੀਆਂ ਬੌਛਾਰਾਂ ਪੈ ਸਕਦੀਆਂ ਹਨ। ਬਿਹਾਰ ਵਿੱਚ ਵੀ ਆਉਣ ਵਾਲੇ ਕੁਝ ਦਿਨਾਂ ਤੱਕ ਭਾਰੀ ਬਾਰਸ਼ ਦਾ ਦੌਰ ਜਾਰੀ ਰਹੇਗਾ ਅਤੇ ਕਈ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ 5 ਸਤੰਬਰ ਨੂੰ ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਜਦਕਿ ਦਿੱਲੀ-NCR, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਗੋਆ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਦਰਮਿਆਨੀ ਬਾਰਸ਼ ਹੋਣ ਦਾ ਅਨੁਮਾਨ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
