ਹੈਦਰਾਬਾਦ ਭਾਰੀ ਬਾਰਿਸ਼ ਦਾ ਕਹਿਰ ! 1,000 ਤੋਂ ਵੱਧ ਲੋਕਾਂ ਨੂੰ ਰਾਹਤ ਕੈਂਪਾਂ ''ਚ ਭੇਜਿਆ
Saturday, Sep 27, 2025 - 11:29 AM (IST)

ਨੈਸ਼ਨਲ ਡੈਸਕ : ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਅਤੇ ਰਾਜ ਦੇ ਹੋਰ ਹਿੱਸਿਆਂ 'ਚ ਭਾਰੀ ਬਾਰਿਸ਼ ਤੋਂ ਬਾਅਦ ਮੂਸੀ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਸਾਵਧਾਨੀ ਦੇ ਤੌਰ 'ਤੇ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲਗਭਗ 1,000 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਸ਼ੁੱਕਰਵਾਰ ਦੇਰ ਰਾਤ ਰਾਹਤ ਕੈਂਪਾਂ 'ਚ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਹੜ੍ਹ ਦਾ ਪਾਣੀ ਤੇਲੰਗਾਨਾ ਦੇ ਮੁੱਖ ਬੱਸ ਅੱਡੇ, ਮਹਾਤਮਾ ਗਾਂਧੀ ਬੱਸ ਸਟੇਸ਼ਨ (ਐਮ.ਜੀ.ਬੀ.ਐਸ.) ਵਿੱਚ ਦਾਖਲ ਹੋ ਗਿਆ, ਜਿਸ ਕਾਰਨ ਅਧਿਕਾਰੀਆਂ ਨੂੰ ਬੱਸ ਸੇਵਾਵਾਂ ਨੂੰ ਮੁਅੱਤਲ ਕਰਨਾ ਪਿਆ। ਬੱਸ ਅੱਡੇ 'ਤੇ ਉਡੀਕ ਕਰ ਰਹੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਤੇਲੰਗਾਨਾ ਸਟੇਟ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਟੀ.ਐਸ.ਆਰ.ਟੀ.ਸੀ.) ਦੇ ਮੈਨੇਜਿੰਗ ਡਾਇਰੈਕਟਰ ਵੀ.ਸੀ. ਸੱਜਨਾਰ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਐਮ.ਜੀ.ਬੀ.ਐਸ. ਤੋਂ ਚੱਲਣ ਵਾਲੀਆਂ ਬੱਸ ਸੇਵਾਵਾਂ ਹੁਣ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਚੱਲ ਰਹੀਆਂ ਹਨ। ਉਨ੍ਹਾਂ ਨੇ ਯਾਤਰੀਆਂ ਨੂੰ ਐਮ.ਜੀ.ਬੀ.ਐਸ. ਪਰਿਸਰ 'ਚ ਨਾ ਆਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਮੂਸੀ ਨਦੀ ਦੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਦੀ ਦੇ ਕੰਢੇ ਸਥਿਤ ਖੇਤਰਾਂ 'ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਜੇਕਰ ਲੋੜ ਪਈ ਤਾਂ ਉੱਥੇ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਰਾਹਤ ਕੈਂਪਾਂ ਵਿੱਚ ਤਬਦੀਲ ਕੀਤਾ ਜਾਵੇ। ਅਧਿਕਾਰੀਆਂ ਨੇ ਕਿਹਾ ਕਿ ਭਾਰੀ ਬਾਰਸ਼ ਕਾਰਨ ਹੈਦਰਾਬਾਦ ਦੇ ਦੋ ਪ੍ਰਮੁੱਖ ਜਲ ਭੰਡਾਰ ਹਿਮਾਇਤ ਸਾਗਰ ਅਤੇ ਉਸਮਾਨ ਸਾਗਰ ਦੇ ਦਰਵਾਜ਼ੇ ਖੁੱਲ੍ਹਣ ਤੋਂ ਬਾਅਦ ਮੂਸੀ ਨਦੀ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ। ਮੌਸਮ ਵਿਭਾਗ ਨੇ 27 ਸਤੰਬਰ ਨੂੰ ਤੇਲੰਗਾਨਾ ਦੇ ਕਈ ਜ਼ਿਲ੍ਹਿਆਂ 'ਚ ਦੂਰ-ਦੁਰਾਡੇ ਥਾਵਾਂ 'ਤੇ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8