ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਇਆ ਸ਼ਰਧਾਲੂਆਂ ਦਾ ਪਹਿਲਾ ਜਥਾ
Thursday, May 19, 2022 - 01:49 PM (IST)
ਰਿਸ਼ੀਕੇਸ਼– ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਅੱਜ ਯਾਨੀ ਕਿ ਵੀਰਵਾਰ ਨੂੰ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਅਗਵਾਈ ’ਚ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਿਸ਼ੀਕੇਸ਼ ਤੋਂ ਰਵਾਨਾ ਹੋਇਆ। ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਅਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਜਥੇ ਨੂੰ ਹਰੀ ਝੰਡਾ ਵਿਖਾ ਕੇ ਰਵਾਨਾ ਕੀਤਾ।
ਇਹ ਵੀ ਪੜ੍ਹੋ: ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਪ੍ਰਸ਼ਾਸਨ ਨੇ ਪੈਦਲ ਮਜ਼ਦੂਰ ਅਤੇ ਘੋੜਾ-ਖੱਚਰ ਦੀ ਦਰ ਕੀਤੀ ਤੈਅ
ਦੱਸ ਦੇਈਏ 22 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਸੰਗਤ ਦੇ ਦਰਸ਼ਨਾਂ ਲਈ ਖੁੱਲ੍ਹੇਗਾ। ਸਰਕਾਰ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਇਸ ਪਵਿੱਤਰ ਧਾਮ ਆਉਣ ਵਾਲੇ ਯਾਤਰੀਆਂ ਦੀ ਗਿਣਤੀ ਨੂੰ ਸੀਮਤ ਕੀਤਾ ਹੈ। ਇਸ ਵਾਰ ਹੇਮਕੁੰਟ ਸਾਹਿਬ ’ਚ ਰੋਜ਼ਾਨਾ 5000 ਸ਼ਰਧਾਲੂਆਂ ਨੂੰ ਹੀ ਜਾਣ ਦੀ ਆਗਿਆ ਹੋਵੇਗਾ। ਇਹ ਫ਼ੈਸਲਾ ਕੇਦਾਰਨਾਥ ਧਾਮ ’ਤੇ ਉਮੜੀ ਸ਼ਰਧਾਲੂਆਂ ਦੀ ਭੀੜ ਨੂੰ ਵੇਖਦੇ ਹੋਏ ਲਿਆ ਗਿਆ ਹੈ। ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਕਰਾਉਣਾ ਵੀ ਜ਼ਰੂਰੀ ਹੋਵੇਗਾ।
ਇਹ ਵੀ ਪੜ੍ਹੋ: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਇਸ ਤਾਰੀਖ਼ ਤੋਂ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਪਹਿਲਾ ਜਥਾ
ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਸੈਰ-ਸਪਾਟਾ ਵਿਭਾਗ ਦੀ ਵੈੱਬਸਾਈਟ https://registrationandtouristcare.uk.gov.in ਜ਼ਰੀਏ ਰਜਿਸਟ੍ਰੇਸ਼ਨ ਕਰਾਉਣਾ ਹੋਵੇਗਾ। ਜੇਕਰ ਸ਼ਰਧਾਲੂਆਂ ਦੀ ਗਿਣਤੀ ਵੱਧਦੀ ਹੈ ਤਾਂ ਉਨ੍ਹਾਂ ਨੂੰ ਰਿਸ਼ੀਕੇਸ਼ ’ਚ ਹੀ ਰੋਕ ਕੇ ਤੈਅ ਗਿਣਤੀ ਦੇ ਹਿਸਾਬ ਨਾਲ ਯਾਤਰਾ ਸੰਚਾਲਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੇਮਕੁੰਟ ਪਰਬਤ ਹੈ ਜਹਾਂ ਸਪਤ ਸ੍ਰਿੰਗ ਸੋਭਿਤ ਹੈ ਤਹਾਂ