ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਹਿਮਾਚਲ ਪ੍ਰਦੇਸ਼ ''ਚ ਹਾਈ ਅਲਰਟ
Thursday, Apr 24, 2025 - 10:21 AM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਬੰਬ ਦੀ ਧਮਕੀ ਅਤੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਪ੍ਰਦੇਸ਼ 'ਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਮੁੱਖ ਸੈਰ-ਸਪਾਟਾ ਵਾਲੀਆਂ ਥਾਵਾਂ ਅਤੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਵਿਚ ਚੌਕਸੀ ਵਧਾ ਦਿੱਤੀ ਹੈ, ਤਾਂ ਕਿ ਅਸ਼ਾਂਤੀ ਫੈਲਣ ਦੀ ਕਿਸੇ ਵੀ ਸੰਭਾਵਨਾ ਨੂੰ ਰੋਕਿਆ ਜਾ ਸਕੇ।
ਪਹਿਲਗਾਮ ਵਿਚ ਹੋਈ ਦੁਖਦ ਅੱਤਵਾਦੀ ਘਟਨਾ ਤੋਂ ਪਹਿਲਾਂ ਹੀ ਖੁਫੀਆ ਏਜੰਸੀਆਂ ਨੇ ਹਿਮਾਚਲ ਪ੍ਰਦੇਸ਼ ਦੀਆਂ ਪ੍ਰਮੁੱਖ ਥਾਵਾਂ ਨੂੰ ਨਿਸ਼ਾਨਾ ਬਣਾ ਕੇ ਸੰਭਾਵਿਤ ਬੰਬ ਧਮਕੀਆਂ ਬਾਰੇ ਅਲਰਟ ਜਾਰੀ ਕਰ ਦਿੱਤਾ ਹੈ। ਇਨ੍ਹਾਂ ਵਿਚ ਸ਼ਿਮਲਾ ਸੂਬਾ ਸਕੱਤਰੇਤ, ਮੰਡੀ ਜ਼ਿਲ੍ਹਾ ਹੈੱਡਕੁਆਰਟਰ ਅਤੇ ਜੁੱਬਰਹੱਟੀ ਹਵਾਈ ਅੱਡਾ ਸ਼ਾਮਲ ਹਨ। ਇਸ ਦੇ ਜਵਾਬ ਵਿਚ ਬੰਬ ਧਮਕੀ ਸਮੀਖਿਆ ਕਮੇਟੀ ਨੇ ਇਕ ਹਫ਼ਤਾ ਪਹਿਲਾਂ ਸ਼ਿਮਲਾ ਹਵਾਈ ਅੱਡੇ 'ਤੇ ਹਵਾਈ ਅੱਡੇ ਦੇ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਇਕ ਐਮਰਜੈਂਸੀ ਮੀਟਿੰਗ ਬੁਲਾਈ ਸੀ। ਸਾਰੀਆਂ ਪ੍ਰਮੁੱਖ ਸੁਰੱਖਿਆ ਏਜੰਸੀਆਂ ਅਤੇ ਸੂਬਾ ਵਿਭਾਗਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ ਅਤੇ ਹਵਾਬਾਜ਼ੀ ਸੁਰੱਖਿਆ ਅਤੇ ਐਮਰਜੈਂਸੀ ਖਿਲਾਫ਼ ਤਿਆਰੀ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।