ਹਾਈ ਕੋਰਟ ਨੇ ਹਿਸਾਰ ਜੇਲ੍ਹ ਸੁਪਰਡੈਂਟ ਨੂੰ ਦਿੱਤਾ ਝਟਕਾ, ਇਸ ਪਟੀਸ਼ਨ ਨੂੰ ਕੀਤਾ ਰੱਦ
Thursday, Mar 17, 2022 - 01:38 PM (IST)
ਹਿਸਾਰ– ਜੇਲ੍ਹ ’ਚ ਬੰਦ ਇਕ ਕੈਦੀ ਨੂੰ ਸਹੂਲਤਾਂ ਦੇਣ ਦੇ ਬਦਲੇ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ’ਚ ਮੁਅੱਤਲ ਚੱਲ ਰਹੇ ਹਿਸਾਰ ਸੈਂਟਰਲ ਜੇਲ੍ਹ ਦੇ ਸੁਪਰਡੈਂਟ ਸਮਸ਼ੇਰ ਸਿੰਘ ਦਹੀਆ ਨੂੰ ਝਟਕਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸਦੀ ਮੁਅੱਤਲੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਬੁੱਧਵਾਰ ਨੂੰ ਸਰਕਾਰ ਵੱਲੋਂ ਕੋਰਟ ਨੂੰ ਦੱਸਿਆ ਗਿਆ ਕਿ ਜਿਲ੍ਹਾ ਜੱਜ ਨੂੰ ਮਿਲੀ ਸ਼ਿਕਾਇਤ ਅਤੇ ਹੋਰ ਤੱਥਾਂ ਦੀ ਜਾਂਚ ਤੋਂ ਬਾਅਦ ਹੀ ਮੁਅੱਤਲ ਕੀਤਾ ਗਿਆ ਹੈ। ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਕੋਰਟ ਨੇ ਪਟੀਸ਼ਨ ਨੂੰ ਰੱਦ ਕਰਨ ਦਾ ਆਦੇਸ਼ ਦਿੱਤਾ।
ਦਹੀਆ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਸਰਕਾਰ ਦੁਆਰਾ 31 ਦਸੰਬਰ ਨੂੰ ਜਾਰੀ ਉਸ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਜਿਸ ਤਹਿਤ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪਟੀਸ਼ਨ ਮੁਤਾਬਕ, ਉਸ ’ਤੇ ਲੱਗੇ ਦੋਸ਼ ਬੇਬੁਨਿਆਦ ਹਨ ਅਤੇ ਇਕਤਰਫਾ ਜਾਂਚ ਤਹਿਤ ਉਸਨੂੰ ਮੁਅੱਤਲ ਕੀਤਾ ਗਿਆ ਹੈ।