ਸ਼ਿਮਲਾ ''ਚ ਦੁਕਾਨ ਅੰਦਰ ਦਾਖ਼ਲ ਹੋ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Monday, Feb 26, 2024 - 02:56 PM (IST)

ਸ਼ਿਮਲਾ ''ਚ ਦੁਕਾਨ ਅੰਦਰ ਦਾਖ਼ਲ ਹੋ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਅੱਧੀ ਰਾਤ ਨੂੰ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸ਼ਿਮਲਾ ਦੇ ਮਾਲ ਰੋਡ 'ਤੇ ਸਥਿਤ ਪੁਲਸ ਕੰਟਰੋਲ ਰੂਮ ਦੇ ਸਾਹਮਣੇ ਹੀ ਦੁਕਾਨ ਅੰਦਰ ਦਾਖ਼ਲ ਹੋ ਕੇ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਜਿਸ ਨਾਲ ਪੁਲਸ ਦੀ ਕਾਰਜ ਪ੍ਰਣਾਲੀ 'ਤੇ ਵੀ ਸਵਾਲ ਉਠ ਰਹੇ ਹਨ। ਅਜੇ ਤੱਕ ਦੋਸ਼ੀ ਪੁਲਸ ਦੀ ਗ੍ਰਿਫ਼ਤਾਰ ਤੋਂ ਬਾਹਰ ਚੱਲ ਰਿਹਾ ਹੈ, ਪੁਲਸ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਚੌਪਾਲ ਦੇ ਕੁਪਵੀ ਵਾਸੀ 21 ਸਾਲਾ ਮਨੀਸ਼ ਮਾਲ ਰੋਡ 'ਤੇ ਸਥਿਤ ਵੇਕ ਐਂਡ ਬੇਕਰੀ ਵਿਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਵੀ ਨੌਜਵਾਨ ਬੇਕਰੀ ਦੇ ਅੰਦਰ ਹੀ ਮੌਜੂਦ ਸੀ ਤਾਂ ਅਚਾਨਕ ਰਾਤ ਕਰੀਬ 1.30 ਵਜੇ ਦੇ ਆਲੇ-ਦੁਆਲੇ ਇਕ ਦੋਸ਼ੀ ਤੇਜ਼ਧਾਰ ਹਥਿਆਰ ਲੈ ਕੇ ਮੌਕੇ 'ਤੇ ਪਹੁੰਚਿਆ ਅਤੇ ਮਨੀਸ਼ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਇਆ ਅਤੇ ਉਹ ਜ਼ਖ਼ਮੀ ਹਾਲਤ ਵਿਚ ਹੀ ਆਪਣੀ ਜਾਨ ਬਚਾ ਕੇ ਪੁਲਸ ਕੰਟਰੋਲ ਰੂਮ ਕੋਲ ਪਹੁੰਚਿਆ ਅਤੇ ਪੁਲਸ ਨੂੰ ਇਸ ਬਾਬਤ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਮੌਕੇ 'ਤੇ ਬੇਹੋਸ਼ ਹੋ ਗਿਆ। 

ਇਸ ਤੋਂ ਬਾਅਦ ਪੁਲਸ ਉਸ ਨੂੰ ਜ਼ਖਮੀ ਹਾਲਤ 'ਚ ਇਲਾਜ ਲਈ IGMC ਸ਼ਿਮਲਾ ਲੈ ਗਈ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਜਦੋਂ ਸੀ. ਸੀ. ਟੀ. ਵੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਕਤਲ ਕਰਨ ਵਾਲੇ ਮੁਲਜ਼ਮ ਦੀ ਪਛਾਣ ਹੋ ਗਈ। ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਪਰ ਪੁਲਸ ਦਾ ਦਾਅਵਾ ਹੈ ਕਿ ਉਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮ ਵੱਲੋਂ ਨੌਜਵਾਨ ਦਾ ਕਤਲ ਕਿਉਂ ਕੀਤਾ ਗਿਆ। ਸਦਰ ਥਾਣਾ ਇੰਚਾਰਜ ਧਰਮਸੇਨ ਨੇਗੀ ਨੇ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਕ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਕਾਤਲ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।


author

Tanu

Content Editor

Related News