ਹਿਮਾਚਲ ਪ੍ਰਦੇਸ਼ ''ਚ ਬੱਦਲ ਫਟਣ ਕਾਰਨ ਮਚੀ ਤਬਾਹੀ, ਰਾਹਤ ਅਤੇ ਬਚਾਅ ਕੰਮ ਜਾਰੀ
Tuesday, Aug 06, 2024 - 11:27 AM (IST)
ਲਾਹੌਲ-ਸਪੀਤੀ- ਸ਼ਿਮਲਾ ਦੇ ਰਾਮਪੁਰ ਨੇੜੇ ਹੜ੍ਹ ਪ੍ਰਭਾਵਿਤ ਸਮੇਜ ਪਿੰਡ 'ਚ 1 ਅਗਸਤ ਨੂੰ ਆਏ ਭਿਆਨਕ ਬੱਦਲ ਫਟਣ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਨੇ 7 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (SDMA) ਦੇ ਅੰਕੜਿਆਂ ਅਨੁਸਾਰ ਜ਼ਮੀਨ ਖਿਸਕਣ ਅਤੇ ਬਹੁਤ ਜ਼ਿਆਦਾ ਮੀਂਹ ਪੈਣ ਕਾਰਨ ਸੂਬੇ 'ਚ ਦੋ ਰਾਸ਼ਟਰੀ ਰਾਜਮਾਰਗਾਂ (NH) ਸਮੇਤ 85 ਸੜਕਾਂ ਬੰਦ ਹੋ ਗਈਆਂ ਹਨ।
ਸੂਬੇ ਵਿਚ ਕੁੱਲ 116 ਬਿਜਲੀ ਸਪਲਾਈ ਸਕੀਮਾਂ ਅਤੇ 65 ਜਲ ਸਪਲਾਈ ਸਕੀਮਾਂ ਵਿਚ ਵੀ ਰੁਕਾਵਟ ਪੈਦਾ ਹੋ ਗਈ ਹੈ। ਲਾਹੌਲ ਅਤੇ ਸਪੀਤੀ ਜ਼ਿਲ੍ਹਿਆਂ ਵਿਚ ਸੋਮਵਾਰ ਨੂੰ ਬੱਦਲ ਫਟਣ ਦੀ ਘਟਨਾ ਵਾਪਰੀ। ਚੀਚਮ ਖੇਤਰ 'ਚ ਬੱਦਲ ਫਟਣ ਕਾਰਨ ਦੋ ਪੁਲ ਰੁੜ੍ਹ ਗਏ ਹਨ। ਸ਼ਿਮਲਾ ਵਿਚ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਵਿਕਰਮਾਦਿਤਿਆ ਸਿੰਘ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਸੂਬਾ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਖਾਸ ਤੌਰ 'ਤੇ ਭਾਰਤੀ ਮੌਸਮ ਵਿਭਾਗ (IMD) ਨੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਵਿਚ ਲਗਭਗ 80 ਸੜਕਾਂ ਬੰਦ ਹਨ ਅਤੇ ਲੋਕ ਨਿਰਮਾਣ ਵਿਭਾਗ ਨੂੰ 300 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਅਸੀਂ ਸਥਿਤੀ ਨੂੰ ਆਮ ਵਾਂਗ ਬਹਾਲ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।
ਕੁੱਲੂ ਅਤੇ ਸ਼ਿਮਲਾ ਜ਼ਿਲ੍ਹਿਆਂ ਵਿਚ ਖੋਜ ਅਤੇ ਰਾਹਤ ਕਾਰਜ ਜਾਰੀ ਹਨ। ਲਾਸ਼ਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਮੰਡੀ ਵਿਚ, 8 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ 30 ਲੋਕ ਅਜੇ ਵੀ ਲਾਪਤਾ ਹਨ। SDRF ਅਤੇ ਹੋਰ ਕੇਂਦਰੀ ਅਤੇ ਸੂਬਾ ਏਜੰਸੀਆਂ ਵਲੋਂ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਵਿਕਰਮਾਦਿਤਿਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲ ਕੀਤੀ ਹੈ ਪਰ ਅਜੇ ਤੱਕ ਸਾਨੂੰ ਕੇਂਦਰ ਸਰਕਾਰ ਤੋਂ ਕੋਈ ਵਿੱਤੀ ਸਹਾਇਤਾ ਨਹੀਂ ਮਿਲੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਅਸੀਂ ਜਲਦੀ ਹੀ ਮਦਦ ਮਿਲੇਗੀ।