ਮੰਡੀ ''ਚ ਖ਼ੌਫ਼ਨਾਕ ਕਾਰਾ ! ਨੌਜਵਾਨਾਂ ਨੇ 19 ਸਾਲਾ ਵਿਦਿਆਰਥਣ ਦਾ ਵੱਢ ਸੁੱਟਿਆ ਗਲ਼ਾ, ਦਿੱਤੀ ਦਰਦਨਾਕ ਮੌਤ
Tuesday, Apr 14, 2026 - 03:13 PM (IST)
ਮੰਡੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਇਕ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਕ 19 ਸਾਲਾ ਵਿਦਿਆਰਥਣ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸਿਆ ਗੁਲੇਰੀਆ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਇਹ ਘਟਨਾ ਸੋਮਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਸਿਆ ਆਪਣੇ ਕਾਲਜ ਜਾ ਰਹੀ ਸੀ। ਰਸਤੇ 'ਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਕੁੜੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।
ਘਟਨਾ ਤੋਂ ਬਾਅਦ ਇਲਾਕੇ 'ਚ ਤਣਾਅ ਫੈਲ ਗਿਆ। ਪਿੰਡ ਵਾਸੀਆਂ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ ਅਤੇ ਉਸ ਨੂੰ ਨੇੜਲੇ ਖੇਤਾਂ 'ਚ ਲੁਕਿਆ ਹੋਇਆ ਲੱਭ ਲਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਪਿੰਡ ਵਾਸੀਆਂ 'ਤੇ ਵੀ ਉਸੇ ਹਥਿਆਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਬਹਾਦਰੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ 36 ਸਾਲਾ ਰਿਸ਼ੂ ਪਟਿਆਲ ਵਜੋਂ ਹੋਈ ਹੈ, ਜੋ ਗੋਪਾਲਪੁਰ ਦੇ ਪਿੰਡ ਥੀਰੋਨ ਦਾ ਰਹਿਣ ਵਾਲਾ ਹੈ। ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚੀ ਪੁਲਸ ਕੋਲੋਂ ਮੁਲਜ਼ਮ ਨੂੰ ਫਾਂਸੀ ਦੇਣ ਦੀ ਮੰਗ ਕੀਤੀ। ਪੁਲਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਮੰਡੀ ਦੇ ਐੱਸ.ਪੀ. ਵਿਨੋਦ ਕੁਮਾਰ ਨੇ ਦੱਸਿਆ ਕਿ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਕਤਲ ਦੇ ਪਿੱਛੇ ਅਸਲ ਕਾਰਨ ਕੀ ਸੀ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
