ਭਾਰੀ ਮੀਂਹ ਕਾਰਨ ਹਿਮਾਚਲ ''ਚ ਤਬਾਹੀ, ਕੌਮੀ ਆਫ਼ਤ ਐਲਾਨ ਕਰੇਗੀ ਸਰਕਾਰ
Friday, Aug 18, 2023 - 06:18 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਸਰਕਾਰ ਨੇ ਭਾਰੀ ਮੀਂਹ ਕਾਰਨ ਹੋਏ ਭਾਰੀ ਨੁਕਸਾਨ ਨੂੰ ਕੌਮੀ ਆਫ਼ਤ ਐਲਾਨਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼, ਸੂਬੇ ਵਿਚ ਹੋਈ ਤਬਾਹੀ ਨੂੰ ਕੌਮੀ ਆਫ਼ਤ ਐਲਾਨਣ ਲਈ ਕੇਂਦਰ ਸਰਕਾਰ ਦੇ ਜਵਾਬ ਦੀ ਉਡੀਕ ਕਰ ਰਿਹਾ ਹੈ। ਹਿਮਾਚਲ ਪ੍ਰਦੇਸ਼ 'ਚ ਐਤਵਾਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਸ਼ਿਮਲਾ ਸਮੇਤ ਕਈ ਜ਼ਿਲ੍ਹਿਆਂ 'ਚ ਜ਼ਮੀਨ ਖਿਸਕ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਹਨ ਅਤੇ ਸੂਬਾ ਸਰਕਾਰ ਆਪਣੇ ਸਾਧਨਾਂ ਰਾਹੀਂ ਪ੍ਰਭਾਵਿਤ ਪਰਿਵਾਰਾਂ, ਖਾਸ ਤੌਰ 'ਤੇ ਉਨ੍ਹਾਂ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਰਹੀ ਹੈ, ਜਿਨ੍ਹਾਂ ਦੇ ਘਰ ਅਚਾਨਕ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਹਨ।
ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ਦੇ ਆਫ਼ਤ ਪੀੜਤਾਂ ਨੂੰ ਛੱਤੀਸਗੜ੍ਹ ਵਲੋਂ 11 ਕਰੋੜ ਰੁਪਏ ਦੀ ਮਦਦ ਦਾ ਐਲਾਨ
ਸੁੱਖੂ ਨੇ ਕਿਹਾ,''ਕੇਂਦਰੀ ਟੀਮਾਂ ਨੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਮੁਆਇਨਾ ਕੀਤਾ ਹੈ ਅਤੇ ਸਾਨੂੰ ਕੇਂਦਰ ਤੋਂ ਸਮੇਂ ਸਿਰ ਮਦਦ ਦੀ ਲੋੜ ਹੈ।'' ਉਨ੍ਹਾਂ ਕਿਹਾ ਕਿ ਸੂਬੇ ਨੂੰ ਅੰਦਾਜ਼ਨ 10,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ਿਮਲਾ ਦੇ ਪੁਲਸ ਸੁਪਰਡੈਂਟ (ਐੱਸ.ਪੀ.) ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਸਮਰ ਹਿੱਲ ਖੇਤਰ ਵਿਚ ਇਕ ਸ਼ਿਵ ਮੰਦਰ ਦੇ ਮਲਬੇ 'ਚੋਂ ਇਕ ਹੋਰ ਲਾਸ਼ ਬਰਾਮਦ ਹੋਣ ਨਾਲ ਮੀਂਹ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 75 ਹੋ ਗਈ ਹੈ। ਇਨ੍ਹਾਂ 'ਚੋਂ 22 ਲੋਕਾਂ ਦੀ ਮੌਤ ਸ਼ਿਮਲਾ 'ਚ ਸਮਰ ਹਿੱਲ 'ਚ ਸਥਿਤ ਸ਼ਿਵ ਮੰਦਰ, ਫਾਗਲੀ ਅਤੇ ਕ੍ਰਿਸ਼ਨਾ ਨਗਰ 'ਚ ਜ਼ਮੀਨ ਖਿਸਕਣ ਕਾਰਨ ਹੋਈ। 6 ਲੋਕਾਂ ਦੇ ਅਜੇ ਵੀ ਮੰਦਰ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਦੇ ਅਨੁਸਾਰ, 24 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿਚ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ 217 ਲੋਕਾਂ ਦੀ ਮੌਤ ਹੋ ਗਈ ਹੈ ਅਤੇ 11,301 ਘਰ ਅੰਸ਼ਕ ਜਾਂ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਸੂਬੇ ਵਿਚ ਕੁੱਲ 506 ਸੜਕਾਂ ਅਜੇ ਵੀ ਬੰਦ ਹਨ ਅਤੇ 408 ਟਰਾਂਸਫਾਰਮਰ ਅਤੇ 149 ਜਲ ਸਪਲਾਈ ਸਕੀਮਾਂ ਵਿਚ ਵਿਘਨ ਪਿਆ ਹੈ। ਪਿਛਲੇ ਤਿੰਨ ਦਿਨਾਂ 'ਚ ਕਾਂਗੜਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚੋਂ 2,074 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਸੁੱਖੂ ਨੇ ਪਹਿਲਾਂ ਕਿਹਾ ਸੀ ਕਿ ਇਸ ਮੌਨਸੂਨ ਵਿੱਚ ਭਾਰੀ ਮੀਂਹ ਕਾਰਨ ਨੁਕਸਾਨੇ ਗਏ ਬੁਨਿਆਦੀ ਢਾਂਚੇ ਨੂੰ ਮੁੜ ਨਿਰਮਾਣ ਵਿਚ ਸੂਬੇ ਨੂੰ ਇਕ ਸਾਲ ਦਾ ਸਮਾਂ ਲੱਗੇਗਾ।
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8