ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਭਲਕੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਲੈਣਗੇ ਜਾਇਜ਼ਾ
Saturday, Jun 15, 2024 - 05:40 PM (IST)
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਯਾਨੀ ਕਿ ਭਲਕੇ ਨੂੰ ਜੰਮੂ-ਕਸ਼ਮੀਰ ਵਿਚ ਹਾਲ ਹੀ ਵਿਚ ਹੋਏ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣਗੇ। ਗ੍ਰਹਿ ਮੰਤਰੀ 29 ਜੂਨ ਤੋਂ ਸ਼ੁਰੂ ਹੋਣ ਵਾਲੀ ਸਾਲਾਨਾ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕਰਨਗੇ। ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸੇ ਤਰ੍ਹਾਂ ਦੀ ਮੀਟਿੰਗ ਦੇ ਤਿੰਨ ਦਿਨ ਬਾਅਦ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨਗੇ, ਜਿੱਥੇ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹਮਲੇ ਸਮੇਤ ਅੱਤਵਾਦੀ ਘਟਨਾਵਾਂ ਬਾਅਦ "ਅੱਤਵਾਦ ਵਿਰੋਧੀ ਸਮਰੱਥਾ ਦੇ ਪੂਰੀ ਲੜੀ " ਨੂੰ ਤਾਇਨਾਤ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ।
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਸੀ. ਆਰ. ਪੀ. ਐੱਫ ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ, ਜੰਮੂ-ਕਸ਼ਮੀਰ ਪੁਲਸ ਦੇ ਡਾਇਰੈਕਟਰ ਜਨਰਲ ਆਰ. ਆਰ. ਸਵੈਨ ਅਤੇ ਹੋਰ ਉੱਚ ਸੁਰੱਖਿਆ ਅਧਿਕਾਰੀਆਂ ਦੇ ਮੀਟਿੰਗ ਵਿਚ ਸ਼ਾਮਲ ਹੋਣ ਦੀ ਉਮੀਦ ਹੈ।
ਸੂਤਰਾਂ ਨੇ ਕਿਹਾ ਕਿ ਸ਼ਾਹ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ, ਅੰਤਰਰਾਸ਼ਟਰੀ ਸਰਹੱਦ ਅਤੇ ਕੰਟਰੋਲ ਰੇਖਾ 'ਤੇ ਬਲਾਂ ਦੀ ਤਾਇਨਾਤੀ, ਘੁਸਪੈਠ ਦੀਆਂ ਕੋਸ਼ਿਸ਼ਾਂ, ਅੱਤਵਾਦ ਵਿਰੋਧੀ ਮੁਹਿੰਮਾਂ ਦੀ ਸਥਿਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸਰਗਰਮ ਅੱਤਵਾਦੀਆਂ ਦੀ ਤਾਕਤ ਬਾਰੇ ਜਾਣੂ ਕਰਵਾਏ ਜਾਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ 'ਚ ਚਾਰ ਦਿਨਾਂ 'ਚ ਚਾਰ ਥਾਵਾਂ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ, ਜਿਸ 'ਚ 9 ਸ਼ਰਧਾਲੂਆਂ ਅਤੇ ਸੀ. ਆਰ. ਪੀ. ਐੱਫ ਦੇ ਇਕ ਜਵਾਨ ਦੀ ਮੌਤ ਹੋ ਗਈ ਅਤੇ 7 ਸੁਰੱਖਿਆ ਕਰਮੀ ਅਤੇ ਕਈ ਹੋਰ ਜ਼ਖਮੀ ਹੋ ਗਏ।