ਹਰੇਨ ਪਾਂਡਯਾ ਕਤਲਕਾਂਡ : ਸੁਪਰੀਮ ਕੋਰਟ ਨੇ 12 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ
Friday, Jul 05, 2019 - 12:31 PM (IST)
ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਸਾਬਕਾ ਗ੍ਰਹਿ ਮੰਤਰੀ ਹਰੇਨ ਪਾਂਡਯਾ ਦੀ 2003 'ਚ ਅਹਿਮਦਾਬਾਦ 'ਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ 'ਚ 12 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ। ਜੱਜ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਗੁਜਰਾਤ ਸਰਕਾਰ ਦੀ ਅਪੀਲ 'ਤੇ ਇਹ ਫੈਸਲਾ ਸੁਣਾਇਆ। ਹਾਈ ਕੋਰਟ ਨੇ ਇਸ ਕਤਲਕਾਂਡ 'ਚ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਕਤਲ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਸੀ। ਇਸ ਦਰਮਿਆਨ ਸੁਪਰੀਮ ਕੋਰਟ ਨੇ ਇਸ ਕਤਲਕਾਂਡ ਦੀ ਕੋਰਟ ਦੀ ਨਿਗਰਾਨੀ 'ਚ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਲਈ ਗੈਰ-ਸਰਕਾਰੀ ਸੰਗਠਨ ਸੈਂਟਰ ਫਾਰ ਪਬਲਿਕ ਇੰਟਰੈਸਟ ਲਿਟੀਗੇਸ਼ਨਜ਼ ਦੀ ਪਟੀਸ਼ਨ ਖਾਰਜ ਕਰਦੇ ਹੋਏ ਉਸ 'ਤੇ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ।
ਬੈਂਚ ਨੇ ਕਿਹਾ ਕਿ ਇਸ ਮਾਮਲੇ 'ਚ ਹੁਣ ਕਿਸੇ ਹੋਰ ਪਟੀਸ਼ਨ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਗੁਜਰਾਤ ਹਾਈ ਕੋਰਟ ਨੇ ਇਸ ਕਤਲਕਾਂਡ 'ਚ 12 ਵਿਅਕਤੀਆਂ ਨੂੰ ਕਤਲ ਦੇ ਦੋਸ਼ਾਂ ਤੋਂ ਬਰੀ ਕਰਦੇ ਹੋਏ ਇਨ੍ਹਾਂ ਸਾਰਿਆਂ ਨੂੰ ਅਪਰਾਧਕ ਸਾਜਿਸ਼ ਰਚਣ, ਕਤਲ ਦੀ ਕੋਸ਼ਿਸ਼ ਕਰਨ ਅਤੇ ਅੱਤਵਾਦ ਰੋਕਥਾਮ ਕਾਨੂੰਨ (ਪੋਟਾ) ਦੇ ਅਧੀਨ ਅਪਰਾਧ ਲਈ ਦੋਸ਼ ਠਹਿਰਾਉਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਹੇਠਲੀ ਅਦਾਲਤ ਨੇ ਇਨ੍ਹਾਂ ਦੋਸ਼ੀਆਂ ਨੂੰ 5 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਸੁਣਾਈ ਸੀ। ਗੁਜਰਾਤ 'ਚ ਨਰਿੰਦਰ ਮੋਦੀ ਸਰਕਾਰ 'ਚ ਗ੍ਰਹਿ ਮੰਤਰੀ ਹਰੇਨ ਪਾਂਡਯਾ ਦੀ 26 ਮਾਰਚ 2003 'ਚ ਅਹਿਮਦਾਬਾਦ ਦੇ ਲਾਅ ਗਾਰਡਨ ਕੋਲ ਸਵੇਰ ਦੀ ਸੈਰ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।