ਹਿਮਾਚਲ ਦੇ CM ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ, ''ਆਪ'' ''ਤੇ ਲਾਏ ਵੱਡੇ ਦੋਸ਼

05/30/2022 5:37:18 PM

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸੋਮਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਤੋਂ ਝੂਠੀ ਤਾਰੀਫ਼ ਹਾਸਲ ਕਰਨ ਲਈ ਗਾਇਕ ਦੀ ਸੁਰੱਖਿਆ ਘਟਾ ਦਿੱਤੀ ਸੀ। ਜੈਰਾਮ ਠਾਕੁਰ ਨੇ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੀ 'ਆਪ' ਸਰਕਾਰ ਖਾਲਿਸਤਾਨੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ ਜਦਕਿ ਉਹ ਖਾਲਿਸਤਾਨ ਪੱਖੀ ਨਾਅਰੇ ਲਗਾ ਰਹੇ ਹਨ ਅਤੇ ਖਾਲਿਸਤਾਨੀ ਝੰਡੇ ਲਹਿਰਾ ਰਹੇ ਹਨ।

ਇਹ ਵੀ ਪੜ੍ਹੋ : ਤਲਾਕ ਤੋਂ ਪਹਿਲਾਂ ਮਾਂ-ਪਿਓ ਨਾਲ ਛੁੱਟੀਆਂ ਮਨਾਉਣ ਗਏ ਸਨ ਬੱਚੇ, ਨੇਪਾਲ ਜਹਾਜ਼ ਹਾਦਸੇ ਨੇ ਹਮੇਸ਼ਾ ਲਈ ਕੀਤੇ ਵੱਖ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਧਰਮਸ਼ਾਲਾ ਸਥਿਤ ਹਿਮਾਚਲ ਪ੍ਰਦੇਸ਼ ਅਸੈਂਬਲੀ ਕੰਪਲੈਕਸ ਦੀ ਬਾਹਰਲੀ ਕੰਧ 'ਤੇ ਖਾਲਿਸਤਾਨੀ ਨਾਅਰੇ ਲਿਖੇ ਹੋਣ ਅਤੇ ਖਾਲਿਸਤਾਨੀ ਝੰਡੇ ਲਹਿਰਾਉਣ ਤੋਂ ਬਾਅਦ 5 ਦਿਨਾਂ ਦੇ ਅੰਦਰ-ਅੰਦਰ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜੋ ਪੰਜਾਬ ਦੇ ਸਨ ਪਰ ਉਸ ਸੂਬੇ (ਪੰਜਾਬ) ਵਿਚ ਅਜਿਹੀਆਂ ਗਤੀਵਿਧੀਆਂ ਹੋਣ ਤੋਂ ਬਾਅਦ 'ਆਪ' ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਠਾਕੁਰ ਨੇ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਸਿਆਸੀ ਲਾਭ ਹਾਸਲ ਕਰਨ ਲਈ 200 ਤੋਂ ਵੱਧ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ ਜਾਂ ਘਟਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ (28) ਦਾ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਕ ਦਿਨ ਪਹਿਲਾਂ ਹੀ ਸੂਬਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ।

ਇਹ ਵੀ ਪੜ੍ਹੋ : ਹਿਮਾਚਲ ਦੇ CM ਜੈਰਾਮ ਠਾਕੁਰ ਨੇ ਮੂਸੇਵਾਲਾ ਦੇ ਕਤਲ ਲਈ 'ਆਪ' ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ

DIsha

This news is Content Editor DIsha