ਮੈਨੂੰ ਤੇ ਮੇਰੀ ਮਾਂ ਨੂੰ ਗਾਲ੍ਹਾਂ ਕੱਢਣ ਵਾਲੇ ਬੱਚਿਆਂ ਨੂੰ ਮਾਫ਼ ਕਰਨਾ ਚਾਹੁੰਦਾ ਹਾਂ, ਵੀਡੀਓ ਜਾਰੀ ਕਰ ਬੋਲੇ PM ਮੋਦੀ

Friday, Jul 31, 2026 - 11:24 PM (IST)

ਮੈਨੂੰ ਤੇ ਮੇਰੀ ਮਾਂ ਨੂੰ ਗਾਲ੍ਹਾਂ ਕੱਢਣ ਵਾਲੇ ਬੱਚਿਆਂ ਨੂੰ ਮਾਫ਼ ਕਰਨਾ ਚਾਹੁੰਦਾ ਹਾਂ, ਵੀਡੀਓ ਜਾਰੀ ਕਰ ਬੋਲੇ PM ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਦੇਰ ਰਾਤ ਸੋਸ਼ਲ ਮੀਡੀਆ ਰਾਹੀਂ ਦੇਸ਼ ਦੀ ਨਵੀਂ ਪੀੜ੍ਹੀ (Gen-Z) ਨੂੰ ਇੱਕ ਵਿਸ਼ੇਸ਼ ਸੰਦੇਸ਼ ਦਿੱਤਾ ਹੈ। ਰਾਤ ਤਕਰੀਬਨ 11 ਵਜੇ ਤੋਂ ਬਾਅਦ ਇੰਸਟਾਗ੍ਰਾਮ (Instagram) 'ਤੇ ਲਾਈਵ ਆ ਕੇ ਪ੍ਰਧਾਨ ਮੰਤਰੀ ਨੇ ਜੰਤਰ-ਮੰਤਰ 'ਤੇ ਹੋਈਆਂ ਹਾਲੀਆ ਘਟਨਾਵਾਂ ਅਤੇ ਉਨ੍ਹਾਂ ਵਿਰੁੱਧ ਵਰਤੀ ਗਈ ਭੱਦੀ ਭਾਸ਼ਾ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ।

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ 'ਫ੍ਰੈਂਡਸ' ਕਹਿ ਕੇ ਕੀਤੀ ਅਤੇ ਕਿਹਾ ਕਿ ਅੱਜ ਉਨ੍ਹਾਂ ਦਾ ਮਨ ਸਿਰਫ਼ ਨੌਜਵਾਨਾਂ ਨਾਲ ਗੱਲਾਂ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ 'ਤੇ ਜੋ ਕੁਝ ਹੋਇਆ, ਉਹ ਪੂਰੇ ਦੇਸ਼ ਨੇ ਦੇਖਿਆ ਹੈ। ਕੁਝ ਸ਼ਰਾਰਤੀ ਬੱਚਿਆਂ ਵੱਲੋਂ ਅਜਿਹੀਆਂ ਭੱਦੀਆਂ ਗਾਲ੍ਹਾਂ ਕੱਢੀਆਂ ਗਈਆਂ ਜੋ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀਆਂ। ਪੀਐਮ ਮੋਦੀ ਨੇ ਭਰੇ ਮਨ ਨਾਲ ਕਿਹਾ ਕਿ ਉਨ੍ਹਾਂ ਨੂੰ ਹੀ ਨਹੀਂ, ਸਗੋਂ ਉਨ੍ਹਾਂ ਦੀ ਸਵਰਗੀ ਮਾਤਾ ਨੂੰ ਵੀ ਗਾਲ੍ਹਾਂ ਕੱਢੀਆਂ ਗਈਆਂ ਹਨ।

ਅਪਸ਼ਬਦਾਂ ਦੀ ਵਰਤੋਂ 'ਤੇ ਹੈਰਾਨੀ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇੱਕ 'ਸੱਭਿਆਚਾਰਕ ਸਦਮਾ' ਹੈ ਕਿ ਸਾਡੀਆਂ ਧੀਆਂ ਇਸ ਤਰ੍ਹਾਂ ਦੀ ਭਾਸ਼ਾ ਕਿਵੇਂ ਬੋਲ ਸਕਦੀਆਂ ਹਨ। ਹਾਲਾਂਕਿ, ਉਨ੍ਹਾਂ ਨੇ ਉਦਾਰਤਾ ਦਿਖਾਉਂਦੇ ਹੋਏ ਕਿਹਾ ਕਿ ਬਚਪਨ ਵਿੱਚ ਗਲਤੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਨੂੰ ਸੁਧਾਰਨ ਦਾ ਮੌਕਾ ਵੀ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਉਨ੍ਹਾਂ ਬੱਚਿਆਂ ਨੂੰ ਮਾਫ਼ ਕਰਨਾ ਚਾਹੁੰਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਵਤੀਰੇ ਕਾਰਨ ਸਮਾਜ ਦੇ ਅੰਦਰ ਪੈਦਾ ਹੋਏ ਆਕਰੋਸ਼ ਅਤੇ ਗੁੱਸੇ ਨੂੰ ਚੰਗੀ ਤਰ੍ਹਾਂ ਸਮਝ ਸਕਦੇ ਹਨ। ਉਨ੍ਹਾਂ ਦਾ ਇਹ ਲਾਈਵ ਸੰਦੇਸ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਗਲਤੀਆਂ ਤੋਂ ਸਿੱਖਣ ਅਤੇ ਸਹੀ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ ਹੈ।


author

Inder Prajapati

Content Editor

Related News