'ਜੇਕਰ ED ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਤਾਂ ਜੇਲ੍ਹ ਤੋਂ ਚੱਲੇਗੀ ਦਿੱਲੀ ਦੀ ਸਰਕਾਰ'
Tuesday, Nov 07, 2023 - 12:28 PM (IST)
ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣ ਦੀ ਅਪੀਲ ਕੀਤੀ ਹੈ, ਭਾਵੇਂ ਉਨ੍ਹਾਂ ਨੂੰ ਕਿਸੇ ਵੀ ਜਾਂਚ ਏਜੰਸੀ ਵੱਲੋਂ ਗ੍ਰਿਫਤਾਰ ਕੀਤਾ ਜਾਵੇ। ਦੱਸ ਦੇਈਏ ਕਿ ਪਿਛਲੇ ਹਫਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ’ਚ ਤਲਬ ਕੀਤਾ ਸੀ। ਹਾਲਾਂਕਿ ਉਹ ਸੰਮਨ ਨੂੰ ‘ਸਿਆਸਤ ਤੋਂ ਪ੍ਰੇਰਿਤ’ ਕਰਾਰ ਦੇ ਕੇ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ।
ਇਹ ਵੀ ਪੜ੍ਹੋ- ਔਰਤਾਂ ਲਈ ਸ਼ਲਾਘਾਯੋਗ ਪਹਿਲ, ਹਿਮਾਚਲ ਦੇ ਹਰ ਬੱਸ ਸਟੈਂਡ 'ਚ ਬਣੇਗਾ 'ਬੇਬੀ ਫੀਡਿੰਗ ਰੂਮ'
‘ਆਪ’ ਦੇ ਮੰਤਰੀਆਂ ਅਤੇ ਨੇਤਾਵਾਂ ਵਿਰੁੱਧ ਕੇਂਦਰੀ ਜਾਂਚ ਏਜੰਸੀਆਂ ਦੀ ਤਾਜ਼ਾ ਕਾਰਵਾਈ ਨੂੰ ਲੈ ਕੇ ਰੋਸ ਵਜੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਦੁਪਹਿਰ ਨੂੰ ਪਾਰਟੀ ਵਿਧਾਇਕਾਂ ਦੀ ਮੀਟਿੰਗ ਸੱਦੀ। ਮੰਤਰੀ ਆਤਿਸ਼ੀ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਜੇਲ੍ਹ ਵਿਚੋਂ ਹੀ ਦਿੱਲੀ ਦੀ ਸਰਕਾਰ ਚੱਲੇਗੀ। ਉਹ (ਪਾਰਟੀ) ਜੇਲ੍ਹ ਤੋਂ ਹੀ ਸਰਕਾਰੀ ਕੰਮ ਕਰਨ ਦੀ ਇਜਾਜ਼ਤ ਲੈਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ, ਜਿਸ ਨਾਲ ਜੇਲ੍ਹ 'ਚ ਕੈਬਨਿਟ ਦੀ ਮੀਟਿੰਗ ਹੋ ਸਕੇ ਅਤੇ ਅਧਿਕਾਰੀ ਵੀ ਜੇਲ੍ਹ ਜਾ ਕੇ ਜ਼ਰੂਰੀ ਕਾਗਜ਼ਾਤ 'ਤੇ ਮੁੱਖ ਮੰਤਰੀ ਦੇ ਦਸਤਖ਼ਤ ਲੈ ਸਕਣ।
ਇਹ ਵੀ ਪੜ੍ਹੋ- ਗੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕਰਨ ਵਾਲੀ ਸੀਨੀਅਰ ਮਹਿਲਾ ਅਧਿਕਾਰੀ ਦਾ ਬੇਰਹਿਮੀ ਨਾਲ ਕਤਲ
ਮੀਟਿੰਗ ਤੋਂ ਬਾਅਦ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਦੱਸਿਆ ਕਿ ਮੀਟਿੰਗ ਵਿਚ ਮੌਜੂਦ ਸਾਰੇ ਵਿਧਾਇਕਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਤਾਂ ਵੀ ਉਹ ਮੁੱਖ ਮੰਤਰੀ ਬਣੇ ਰਹਿਣਗੇ ਕਿਉਂਕਿ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਸਰਕਾਰ ਚਲਾਉਣ ਦਾ ਫ਼ਤਵਾ ਦਿੱਤਾ ਹੈ। ਸਾਰਿਆਂ ਨੇ ਕੇਜਰੀਵਾਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦੀ ਗੱਲ ਆਖੀ। ਸੌਰਭ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਅਤੇ ਭਾਜਪਾ ਪਾਰਟੀ ਨੂੰ ਸਭ ਤੋਂ ਜ਼ਿਆਦਾ ਸਮੱਸਿਆ ਆਮ ਆਦਮੀ ਪਾਰਟੀ ਤੋਂ ਹੈ। ਇਹ ਲੋਕ ਸਾਡੇ ਵਿਧਾਇਕਾਂ, ਸੰਸਦ ਮੈਂਬਰਾਂ 'ਤੇ ਫਰਜ਼ੀ ਮੁਕੱਦਮੇ ਕਰਵਾ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8