ਮਮਤਾ ਦਾ ਵੱਡਾ ਬਿਆਨ, ਰਾਹੁਲ ਗਾਂਧੀ ਵਿਰੋਧੀ ਧਿਰ ਦਾ ਚਿਹਰਾ ਬਣੇ ਤਾਂ PM ਮੋਦੀ ਨੂੰ ਹਰਾਉਣਾ ਔਖਾ
Monday, Mar 20, 2023 - 10:28 AM (IST)
ਕੋਲਕਾਤਾ- ਸਾਲ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤੀਜੇ ਮੋਰਚੇ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਮਮਤਾ ਬੈਨਰਜੀ ਨੇ ਰਾਹੁਲ ਗਾਂਧੀ ਦੀ ਅਗਵਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮਮਤਾ ਨੇ ਕਿਹਾ ਕਿ ਜੇ ਰਾਹੁਲ ਗਾਂਧੀ ਵਿਰੋਧੀ ਧਿਰ ਦਾ ਚਿਹਰਾ ਬਣੇ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਹਰਾਉਣਾ ਮੁਸ਼ਕਲ ਹੋਵੇਗਾ। ਭਾਜਪਾ ਨੂੰ ਕੋਈ ਹਰਾ ਨਹੀਂ ਸਕਦਾ।
ਮਮਤਾ ਬੈਨਰਜੀ ਆਪਣੇ ਸਾਥੀਆਂ ਨਾਲ ਬੈਠਕ ਕਰ ਰਹੀ ਸੀ। ਬੈਠਕ ’ਚ ਮਮਤਾ ਨੇ ਰਾਹੁਲ ਗਾਂਧੀ ਦੀ ਲੀਡਰਸ਼ਿਪ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਤਾ ਹੈ ਕਿ ਜੇਕਰ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾ ਕੇ ਰੱਖਿਆ ਤਾਂ ਮੋਦੀ ਨੂੰ ਕੋਈ ਖਰਾਬ ਨਹੀਂ ਕਰ ਸਕੇਗਾ। ਇਸ ਤੋਂ ਪਹਿਲਾਂ ਟੀ. ਐੱਮ. ਸੀ. ਨੇਤਾ ਡੈਰੇਕ ਓ ਬ੍ਰਾਇਨ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਇਕੱਲਿਆਂ ਹੀ ਚੋਣਾਂ ਲੜੇਗੀ। ਪੱਛਮੀ ਬੰਗਾਲ ਵਿਚ ਭਾਜਪਾ, ਕਾਂਗਰਸ ਅਤੇ ਸੀ.ਪੀ.ਆਈ. ਸਾਨੂੰ ਹਰਾਉਣ ਲਈ ਇਕਜੁੱਟ ਹਨ। ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਸਮੇਤ ਪੂਰੇ ਦੇਸ਼ 'ਚ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਜਾਣਕਾਰਾਂ ਦੀ ਮੰਨੀਏ ਤਾਂ ਮਮਤਾ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਤੀਜੇ ਮੋਰਚੇ ਦੀ ਤਿਆਰੀ ਕਰ ਰਹੀ ਹੈ। ਇਹ ਹੀ ਵਜ੍ਹਾ ਹੈ ਕਿ ਉਹ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੂੰ ਕਿਨਾਰੇ ਕਰਨ ਦੀ ਕੋਸ਼ਿਸ਼ ਵਿਚ ਲੱਗੀ ਹੈ। ਉਹ ਛੋਟੀਆਂ-ਛੋਟੀਆਂ ਪਾਰਟੀਆਂ ਨੂੰ ਮਿਲਾ ਕੇ ਤੀਜਾ ਮੋਰਚਾ ਬਣਾਉਣਾ ਚਾਹੁੰਦੀ ਹੈ। ਹਾਲ ਹੀ ਵਿਚ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਮਗਰੋਂ ਕਿਹਾ ਜਾ ਰਿਹਾ ਸੀ ਕਿ ਦੋਹਾਂ ਨੇਤਾਵਾਂ ਵਿਚਾਲੇ ਨਵਾਂ ਮੋਰਚਾ ਬਣਾਉਣ ਨੂੰ ਲੈ ਕੇ ਸਹਿਮਤੀ ਹੋ ਗਈ ਹੈ।