ਗ੍ਰਿਫ਼ਤਾਰੀ ਦਾ ਕਾਰਨ ਨਾ ਦੱਸਿਆ ਤਾਂ ਕਾਰਵਾਈ ਗੈਰ-ਕਾਨੂੰਨੀ ਮੰਨੀ ਜਾਵੇਗੀ; ਸੁਪਰੀਮ ਕੋਰਟ ਨੇ ਨਿਯਮ ਤੈਅ ਕੀਤੇ

Tuesday, Sep 22, 2026 - 09:15 AM (IST)

ਗ੍ਰਿਫ਼ਤਾਰੀ ਦਾ ਕਾਰਨ ਨਾ ਦੱਸਿਆ ਤਾਂ ਕਾਰਵਾਈ ਗੈਰ-ਕਾਨੂੰਨੀ ਮੰਨੀ ਜਾਵੇਗੀ; ਸੁਪਰੀਮ ਕੋਰਟ ਨੇ ਨਿਯਮ ਤੈਅ ਕੀਤੇ

ਨਵੀਂ ਦਿੱਲੀ (ਏਜੰਸੀ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਦੇ ਸਮੇਂ ਗ੍ਰਿਫ਼ਤਾਰੀ ਦਾ ਕਾਰਨ ਲਿਖਤੀ ਰੂਪ ’ਚ ਦੱਸਿਆ ਜਾਣਾ ਚਾਹੀਦਾ ਹੈ। ਅਜਿਹਾ ਨਾ ਕਰਨ ’ਤੇ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਮੰਨਿਆ ਜਾਵੇਗਾ।

ਅਦਾਲਤ ਨੇ ਸੋਮਵਾਰ ਕਿਹਾ ਕਿ ਜੇ ਅਜਿਹੀ ਗ੍ਰਿਫ਼ਤਾਰੀ ਤੋਂ ਬਾਅਦ ਵਿਅਕਤੀ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਅਤੇ ਜਾਂਚ ਏਜੰਸੀ ਉਸ ਨੂੰ ਦੁਬਾਰਾ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ ਤਾਂ ਪੁਲਸ ਉਸ ਨੂੰ ਸਿੱਧੇ ਤੌਰ ’ਤੇ ਗ੍ਰਿਫ਼ਤਾਰ ਨਹੀਂ ਕਰ ਸਕਦੀ। ਪਹਿਲਾਂ ਮੈਜਿਸਟ੍ਰੇਟ ਤੋਂ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪਹਿਲੀ ਗ੍ਰਿਫ਼ਤਾਰੀ ’ਚ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੁਲਸ ਅਧਿਕਾਰੀ ਵਿਰੁੱਧ ਵਿਭਾਗੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਦੂਜੀ ਗ੍ਰਿਫ਼ਤਾਰੀ ਦੀ ਸੂਰਤ ’ਚ ਮਾਮਲੇ ਦੀ ਅਗਲੇਰੀ ਜਾਂਚ ਕਿਸੇ ਹੋਰ ਅਧਿਕਾਰੀ ਨੂੰ ਸੌਂਪ ਦਿੱਤੀ ਜਾਵੇਗੀ।

ਅਦਾਲਤ ਨੇ ਇਹ ਟਿੱਪਣੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੁੱਲਾਂਪੁਰ ਦਾਖਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਜਸਕਰਨਜੀਤ ਸਿੰਘ ਦੀ ਅਪੀਲ ’ਤੇ ਕੀਤੀਆਂ। ਇਕ ਨਾਬਾਲਗ ਵਿਰੁੱਧ ਸੈਕਸ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਇਕ ਮਾਮਲੇ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ ਦਾ ਕਾਰਨ ਲਿਖਤੀ ਰੂਪ ’ਚ ਨਹੀਂ ਦੱਸਿਆ ਗਿਆ ਸੀ।

ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ। ਜਸਕਰਨਜੀਤ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਤੋਂ ਬਾਅਦ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਜਿਸ ਅਧੀਨ ਸਥਾਨਕ ਅਦਾਲਤ ਦੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇਣ ਤੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ’ਤੇ ਰੋਕ ਲਾ ਦਿੱਤੀ ਸੀ।


author

cherry

Content Editor

Related News