ਬਦਲੇਗਾ ਮੌਸਮ, IMD ਵਲੋਂ ਮੋਹਲੇਧਾਰ ਮੀਂਹ ਦਾ ਅਲਰਟ
Friday, Feb 07, 2025 - 09:32 AM (IST)
ਨੈਸ਼ਨਲ ਡੈਸਕ- ਦੇਸ਼ 'ਚ ਇਕ ਵਾਰ ਫਿਰ ਠੰਡ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿੱਲੀ-NCR 'ਚ ਦਿਨ ਭਰ ਤੇਜ਼ ਧੁੱਪ ਦੇਖਣ ਨੂੰ ਮਿਲ ਰਹੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਠੰਡ ਜਾਰੀ ਹੈ। ਮੌਸਮ ਵਿਭਾਗ ਮੁਤਾਬਕ 8 ਫਰਵਰੀ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਉੱਤਰੀ ਭਾਰਤ ਤੋਂ ਲੈ ਕੇ ਉੱਤਰ-ਪੂਰਬੀ ਸੂਬਿਆਂ ਤੱਕ ਵੇਖਣ ਨੂੰ ਮਿਲੇਗਾ।
ਇਸ ਸਮੇਂ ਅਸਾਮ ਵਿਚ ਇਕ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ, ਜਿਸ ਕਾਰਨ ਆਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਲੱਦਾਖ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਓਡੀਸ਼ਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿਚ ਸੰਘਣੀ ਧੁੰਦ ਕਾਰਨ ਤਾਪਮਾਨ 'ਚ 2-3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ
8 ਫਰਵਰੀ ਤੋਂ ਸਰਗਰਮ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ 8 ਤੋਂ 12 ਫਰਵਰੀ ਤੱਕ ਪੱਛਮੀ ਹਿਮਾਲੀਅਨ ਖੇਤਰਾਂ ਵਿਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਓਡੀਸ਼ਾ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਵਿਜ਼ੀਬਿਲਟੀ ਘੱਟ ਸਕਦੀ ਹੈ।
ਰਾਜਸਥਾਨ ਦੇ ਕੁਝ ਇਲਾਕਿਆਂ 'ਚ ਠੰਡੀਆਂ ਹਵਾਵਾਂ ਹੋਰ ਵਧ ਸਕਦੀਆਂ ਹਨ। ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 23.6 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 7 ਫਰਵਰੀ ਦੀ ਸਵੇਰ ਨੂੰ ਵੱਧ ਤੋਂ ਵੱਧ ਤਾਪਮਾਨ 20.02 ਡਿਗਰੀ ਸੈਲਸੀਅਸ ਸੀ, ਜਦੋਂ ਕਿ ਹਵਾ ਦੀ ਰਫ਼ਤਾਰ 20 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਅਤੇ ਧੁੰਦ ਦੌਰਾਨ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।