ਸਿਆਸਤ ’ਚ ਹਰ ਗੱਲ ਦਿਲ ਨੂੰ ਨਹੀਂ ਲਾਈ ਜਾ ਸਕਦੀ: ਸੁਪਰੀਮ ਕੋਰਟ
Sunday, Sep 22, 2024 - 11:38 AM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਿਆਸਤ ’ਚ 'ਹਰ ਗਲ ਦਿਲ ਨੂੰ ਨਹੀਂ ਲਾਈ ਜਾ ਸਕਦੀ। ਕੇਂਦਰੀ ਸੂਚਨਾ ਤੇ ਪ੍ਰਸਾਰਣ ਰਾਜ ਮੰਤਰੀ ਐੱਲ. ਮੁਰੂਗਨ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਮਾਮਲੇ ’ਚ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਲੈ ਕੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਮੁਰੂਗਨ ਨੇ ਪਿਛਲੇ ਸਾਲ ਮਦਰਾਸ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ। ਹਾਈ ਕੋਰਟ ਨੇ ਮੁਰੂਗਨ ਦੇ ਮਾਣਹਾਨੀ ਵਾਲੇ ਬਿਆਨਾਂ ਨੂੰ ਲੈ ਕੇ ਚੇਨਈ ਸਥਿਤ ‘ਮੁਰਾਸੋਲੀ ਟਰੱਸਟ’ ਵੱਲੋਂ ਦਾਇਰ ਸ਼ਿਕਾਇਤ ’ਤੇ ਮੁਰੂਗਨ ਵਿਰੁੱਧ ਕਾਰਵਾਈ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਸੁਪਰੀਮ ਕੋਰਟ ਨੇ ਮੁਰੂਗਨ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਦਿੰਦੇ ਹੋਏ ਚੇਨਈ ਦੀ ਵਿਸ਼ੇਸ਼ ਅਦਾਲਤ ’ਚ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ। ਜਦੋਂ ਇਹ ਮਾਮਲਾ ਸੁਪਰੀਮ ਕੋਰਟ ਦੀ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਇਆ ਤਾਂ ਮੁਰੂਗਨ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਇਸ ਮਾਮਲੇ ’ਚ ਮਾਣਹਾਨੀ ਦਾ ਸਵਾਲ ਹੀ ਕਿੱਥੇ ਹੈ? ਟਰੱਸਟ ਵੱਲੋਂ ਪੇਸ਼ ਹੋਏ ਵਕੀਲ ਨੇ ਕੇਸ ਦੀ ਸੁਣਵਾਈ ਮੁਲਤਵੀ ਕਰਨ ਦੀ ਬੇਨਤੀ ਕੀਤੀ। ਇਸ ’ਤੇ ਬੈਂਚ ਨੇ ਕਿਹਾ ਕਿ ਸਿਆਸਤ ’ਚ 'ਹਰ ਗਲ ਦਿਲ ਨੂੰ ਨਹੀਂ ਲਾਈ ਜਾ ਸਕਦੀ। ਅਗਲੀ ਸੁਣਵਾਈ ਹੁਣ ਚਾਰ ਹਫ਼ਤਿਆਂ ਬਾਅਦ ਹੋਵੇਗੀ।