ਭਾਰਤ ''ਚ 10 ਮਰੀਜ਼ਾਂ ਨੂੰ ਕੋਰੋਨਾ ਤੋਂ ਮਿਲੀ ਰਾਹਤ, ਹੁਣ ਤੱਕ ਇੰਨੇ ਮਾਮਲਿਆਂ ਦੀ ਹੋਈ ਪੁਸ਼ਟੀ
Saturday, Mar 14, 2020 - 10:19 AM (IST)
ਨਵੀਂ ਦਿੱਲੀ—ਪੂਰੀ ਦੁਨੀਆ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਇਸ ਦੌਰਾਨ ਭਾਰਤ ਨੂੰ ਵੱਡੀ ਰਾਹਤ ਵੀ ਮਿਲੀ ਹੈ। ਦਰਅਸਲ ਸਿਹਤ ਮੰਤਰਾਲੇ ਮੁਤਾਬਕ ਦਿੱਲੀ ਦੇ ਸਫਦਰਗੰਜ ਹਸਪਤਾਲ 'ਚ ਭਰਤੀ ਕੋਰੋਨਾਵਾਇਰਸ ਦੇ 7 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਕੇਰਲ 'ਚ ਪਹਿਲਾਂ ਹੀ 3 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਇਸ ਤਰ੍ਹਾਂ ਹੁਣ ਤੱਕ ਦੇਸ਼ 'ਚ ਕੁੱਲ 82 ਕੋਰੋਨਾ ਦੇ ਮਾਮਲੇ ਸਾਹਮਣੇ ਆਏ, ਜਿਨ੍ਹਾਂ 'ਚੋਂ 10 ਠੀਕ ਹੋ ਚੁੱਕੇ ਹਨ। ਦੱਸਿਆ ਜਾਂਦਾ ਹੈ ਕਿ ਹੁਣ ਤੱਕ 70 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਕਿਉਂਕਿ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਕੋਰੋਨਾਵਾਇਰਸ ਕਾਰਨ ਭਾਰਤ 'ਚ ਹੁਣ ਤੱਕ 2 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ ਪਹਿਲੀ ਮੌਤ ਕਰਨਾਟਕ ਅਤੇ ਦੂਜੀ ਮੌਤ ਸ਼ੁੱਕਰਵਾਰ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ 69 ਸਾਲਾ ਔਰਤ ਦੀ ਹੋਈ ਹੈ।
ਇਹ ਵੀ ਦੱਸਿਆ ਜਾਂਦਾ ਹੈ ਕਿ ਭਾਰਤ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਦੇਸ਼ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਿੱਲੀ ਤੇ ਹਰਿਆਣਾ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤ ਦੇ ਕਈ ਸੂਬਿਆਂ 'ਚ ਸਕੂਲ-ਕਾਲਜਾਂ ਸਮੇਤ ਸਿਨੇਮਾ ਘਰ ਬੰਦ ਕਰ ਦਿੱਤੇ ਗਏ ਹਨ।