ਭਾਰਤ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੈ : ਸ਼ਾਹ
Saturday, Oct 28, 2023 - 12:50 PM (IST)
ਹੈਦਰਾਬਾਦ, (ਯੂ. ਐੱਨ. ਆਈ.)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਨੇ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਸ਼ਾਹ ਨੇ ਇੱਥੇ ਸਰਦਾਰ ਵੱਲਭਭਾਈ ਪਟੇਲ ਨੈਸ਼ਨਲ ਪੁਲਸ ਅਕਾਦਮੀ ਵਿਚ ਭਾਰਤੀ ਪੁਲਸ ਸੇਵਾ (ਆਈ. ਪੀ. ਐੱਸ.) ਦੇ 75 ਆਰ. ਆਰ. ਬੈਚ ਦੇ ਪ੍ਰੋਬੇਸ਼ਨ ਅਧਿਕਾਰੀਆਂ ਦੀ ਪਾਸਿੰਗ ਆਊਟ ਪਰੇਡ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਗੱਲ ਕਹੀ। ਉਨ੍ਹਾਂ ਨੇ ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਤੋਂ ਜ਼ੀਰੋ ਟਾਲਰੈਂਸ ਰਣਨੀਤੀ ਤੇ ਜ਼ੀਰੋ ਟਾਲਰੈਂਸ ਕਾਰਵਾਈ ਦੀ ਦਿਸ਼ਾ ਵਿਚ ਅੱਗੇ ਵਧਣ ਦੀ ਲੋੜ ’ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀ. ਆਰ. ਪੀ. ਸੀ.), ਇੰਡੀਅਨ ਪੀਨਲ ਕੋਡ (ਆਈ. ਪੀ. ਸੀ.) ਅਤੇ ਐਵੀਡੈਂਸ ਐਕਟ ਸਮੇਤ ਪੁਰਾਣੇ ਬ੍ਰਿਟਿਸ਼ ਕਾਲ ਦੇ ਕਾਨੂੰਨਾਂ ਵਿਚ ਸੁਧਾਰ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਤਬਦੀਲੀਆਂ ਦਾ ਮਕਸਦ ਲੋਕਾਂ ਅਤੇ ਅਧਿਕਾਰੀਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਹੈ। ਨਾਗਰਿਕਾਂ ਨੂੰ ਢੁੱਕਵੀਂ ਸੁਰੱਖਿਆ ਪ੍ਰਦਾਨ ਕਰਨ ਲਈ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸ਼ਾਹ ਨੇ ਕਿਹਾ ਕਿ ਕੇਂਦਰ ਨੇ ਇਨ੍ਹਾਂ ਤਿੰਨਾਂ ਬਿੱਲਾਂ ਨੂੰ ਸੰਸਦ ਵਿਚ ਪੇਸ਼ ਕੀਤਾ ਹੈ ਅਤੇ ਗ੍ਰਹਿ ਮੰਤਰਾਲਾ ਦੀ ਸੰਸਦੀ ਕਮੇਟੀ ਇਨ੍ਹਾਂ ਦਾ ਅਧਿਐਨ ਕਰ ਰਹੀ ਹੈ ਅਤੇ ਜਲਦੀ ਹੀ ਇਹ ਕਾਨੂੰਨ ਪਾਸ ਕਰ ਦਿੱਤੇ ਜਾਣਗੇ।
ਜੇਕਰ ਭਾਜਪਾ ਤੇਲੰਗਾਨਾ ’ਚ ਸੱਤਾ ’ਚ ਆਈ ਤਾਂ ਮੁੱਖ ਮੰਤਰੀ ਪਛੜੇ ਵਰਗ ਦਾ ਹੋਵੇਗਾ
ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਭਾਜਪਾ ਤੇਲੰਗਾਨਾ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸੱਤਾ ’ਚ ਆਉਂਦੀ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਲਈ ਪਛੜੇ ਵਰਗ ਦੇ ਨੇਤਾ ਦੀ ਚੋਣ ਕਰੇਗੀ। ਸ਼ਾਹ ਨੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਤੇਲੰਗਾਨਾ ਦੇ ਲੋਕਾਂ ਨੂੰ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਵੋਟ ਪਾਉਣ ਦੀ ਅਪੀਲ ਕੀਤੀ।
ਸ਼ਾਹ ਨੇ ਕਾਂਗਰਸ ਅਤੇ ਸੱਤਾਧਾਰੀ ਭਾਰਤ ਰਾਸ਼ਟਰ ਕਮੇਟੀ (ਬੀ. ਆਰ. ਐੱਸ.) ’ਤੇ ਨਿਸ਼ਾਨਾ ਲਾਉਂਦੇ ਹੋਏ ਦੋਸ਼ ਲਾਇਆ ਕਿ ਦੋਵੇਂ ਵੰਸ਼ਵਾਦੀ ਪਾਰਟੀਆਂ ਹਨ ਅਤੇ ਇਹ ਸੂਬੇ ਦਾ ਕੋਈ ਭਲਾ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਆਪਣੇ ਪੁੱਤਰ ਕੇ. ਟੀ. ਰਾਮਾ ਰਾਓ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ, ਉਥੇ, ਕਾਂਗਰਸ ਨੇਤਾ ਸੋਨੀਆ ਗਾਂਧੀ ਆਪਣੇ ਪੁੱਤਰ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੀ ਹੈ।