ਇਰਾਨ ''ਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

Friday, Apr 24, 2026 - 02:35 AM (IST)

ਇਰਾਨ ''ਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਇਰਾਨ ਵਿੱਚ ਵਧ ਰਹੇ ਖੇਤਰੀ ਤਣਾਅ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਲਈ ਇੱਕ ਨਵੀਂ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਵੀਰਵਾਰ ਨੂੰ ਜਾਰੀ ਕੀਤੇ ਗਏ ਇਸ ਪਰਾਮਰਸ਼ ਵਿੱਚ ਭਾਰਤੀ ਨਾਗਰਿਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਫਿਲਹਾਲ ਇਰਾਨ ਦੀ ਯਾਤਰਾ ਕਰਨ ਤੋਂ ਗੁਰੇਜ਼ ਕਰਨ।

ਤੇਹਰਾਨ ਸਥਿਤ ਭਾਰਤੀ ਦੂਤਾਵਾਸ ਨੇ ਆਪਣੇ ਤਾਜ਼ਾ ਬਿਆਨ ਵਿੱਚ ਕਿਹਾ ਹੈ ਕਿ ਖੇਤਰੀ ਤਣਾਅ ਕਾਰਨ ਹਵਾਈ ਖੇਤਰ 'ਤੇ ਲਗਾਈਆਂ ਗਈਆਂ ਪਾਬੰਦੀਆਂ ਅਤੇ ਸੰਚਾਲਨ ਸਬੰਧੀ ਅਨਿਸ਼ਚਿਤਤਾਵਾਂ ਇਰਾਨ ਤੋਂ ਆਉਣ-ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਦੂਤਾਵਾਸ ਨੇ ਸਪੱਸ਼ਟ ਕੀਤਾ ਹੈ ਕਿ ਭਾਵੇਂ ਦੋਵਾਂ ਦੇਸ਼ਾਂ ਵਿਚਾਲੇ ਕੁਝ ਉਡਾਣਾਂ ਦੇ ਸੰਚਾਲਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਪਰ ਸੁਰੱਖਿਆ ਦੇ ਲਿਹਾਜ਼ ਨਾਲ ਭਾਰਤੀ ਨਾਗਰਿਕਾਂ ਨੂੰ ਹਵਾਈ ਜਾਂ ਸੜਕੀ ਮਾਰਗ ਰਾਹੀਂ ਇਰਾਨ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ।

ਦੂਤਾਵਾਸ ਨੇ ਇਰਾਨ ਵਿੱਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦੂਤਾਵਾਸ ਦੇ ਤਾਲਮੇਲ ਨਾਲ ਨਿਰਧਾਰਿਤ ਜ਼ਮੀਨੀ ਸਰਹੱਦੀ ਰਸਤਿਆਂ ਰਾਹੀਂ ਦੇਸ਼ ਛੱਡ ਦੇਣ। ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਸਹਾਇਤਾ ਲਈ ਦੂਤਾਵਾਸ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਉੱਥੇ ਫਸੇ ਭਾਰਤੀਆਂ ਦੀ ਮਦਦ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਇਹ ਸਲਾਹ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਆਈ ਹੈ ਜਿਨ੍ਹਾਂ ਵਿੱਚ ਭਾਰਤ ਅਤੇ ਇਰਾਨ ਵਿਚਾਲੇ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਦਾਅਵਾ ਕੀਤਾ ਗਿਆ ਸੀ, ਪਰ ਭਾਰਤ ਸਰਕਾਰ ਨੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਹੈ।


author

Inder Prajapati

Content Editor

Related News