ਰੱਖਿਆ ਖੇਤਰ ’ਚ ਸਹਿਯੋਗ ਦਾ ਘੇਰਾ ਵਧਾਉਣਗੇ ਭਾਰਤ-ਆਸਟਰੇਲੀਆ

06/23/2022 11:32:02 AM

ਨਵੀਂ ਦਿੱਲੀ– ਭਾਰਤ ਅਤੇ ਆਸਟ੍ਰੇਲੀਆ ਨੇ ਰੱਖਿਆ ਖੇਤਰ ਵਿਚ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਅਤੇ ਇਸ ਦੇ ਘੇਰੇ ਨੂੰ ਵਿਸ਼ਾਲ ਕਰਨ ਦੇ ਉਪਾਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ ਦੇ ਚਾਰ ਦਿਨਾਂ ਦੌਰੇ ’ਤੇ ਆਏ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲੇ ਨਾਲ ਬੁੱਧਵਾਰ ਨੂੰ ਇੱਥੇ ਦੋ-ਪੱਖੀ ਗੱਲਬਾਤ ਕੀਤੀ।

ਗੱਲਬਾਤ ਤੋਂ ਬਾਅਦ ਜਾਰੀ ਸਾਂਝੇ ਬਿਆਨ ’ਚ ਕਿਹਾ ਗਿਆ ਹੈ ਕਿ ਦੋਵਾਂ ਮੰਤਰੀਆਂ ਨੇ ਰੱਖਿਆ ਸਹਿਯੋਗ ਨਾਲ ਸਬੰਧਤ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਇਹ ਗਤੀਵਿਧੀਆਂ ਵਧੀਆਂ ਹਨ। ਉਨ੍ਹਾਂ ਨੇ ਰੱਖਿਆ ਖੇਤਰ ’ਚ ਸਹਿਯੋਗ ਦੇ ਘੇਰੇ ਨੂੰ ਵਧਾਉਣ ’ਤੇ ਵੀ ਸਹਿਮਤੀ ਪ੍ਰਗਟਾਈ।

ਗੱਲਬਾਤ ਦੌਰਾਨ ਦੋਵਾਂ ਮੰਤਰੀਆਂ ਨੇ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਦੇ ਮਹੱਤਵਪੂਰਨ ਥੰਮ੍ਹਾਂ, ਰੱਖਿਆ ਅਤੇ ਸੁਰੱਖਿਆ ਦੇ ਸੰਦਰਭ ’ਚ ਸਥਿਤੀ ਦੀ ਸਮੀਖਿਆ ਕੀਤੀ।

ਉਨ੍ਹਾਂ ਨੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਲਾਗੂ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਇਹ ਆਪਸੀ ਵਿਸ਼ਵਾਸ, ਸਮਝ, ਸਾਂਝੇ ਹਿੱਤਾਂ ਅਤੇ ਲੋਕਤੰਤਰ ਅਤੇ ਨਿਯਮਬੱਧ ਵਿਵਸਥਾ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ’ਤੇ ਆਧਾਰਿਤ ਹੈ।

ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਾਲੇ ਅਭਿਆਸਾਂ ਦੀ ਵਧਦੀ ਗਿਣਤੀ ਅਤੇ ਵੰਨ-ਸੁਵੰਨਤਾ ਦਾ ਸਵਾਗਤ ਕੀਤਾ।


Rakesh

Content Editor

Related News