ਅਮਰੀਕਾ 'ਚ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਦੇ ਦੋਸ਼ਾਂ 'ਤੇ ਜਾਂਚ ਲਈ ਭਾਰਤ ਨੇ ਗਠਿਤ ਕੀਤੀ ਕਮੇਟੀ

Wednesday, Nov 29, 2023 - 03:15 PM (IST)

ਅਮਰੀਕਾ 'ਚ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ਦੇ ਦੋਸ਼ਾਂ 'ਤੇ ਜਾਂਚ ਲਈ ਭਾਰਤ ਨੇ ਗਠਿਤ ਕੀਤੀ ਕਮੇਟੀ

ਨਵੀਂ ਦਿੱਲੀ (ਭਾਸ਼ਾ)- ਭਾਰਤ ਨੇ ਅਮਰੀਕੀ ਧਰਤੀ 'ਤੇ ਇਕ ਸਿੱਖ ਕੱਟੜਪੰਥੀ ਦੇ ਕਤਲ ਦੀ ਸਾਜ਼ਿਸ਼ ਨਾਲ ਜੁੜੇ ਦੋਸ਼ਾਂ ਦੀ ਜਾਂਚ ਲਈ ਇਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। 'ਫਾਈਨੈਂਸ਼ੀਅਲ ਟਾਈਮਜ਼' ਨੇ ਪਿਛਲੇ ਹਫ਼ਤੇ ਬੇਨਾਮ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ ਅਤੇ ਇਸ ਸਾਜ਼ਿਸ਼ ਵਿਚ ਸ਼ਾਮਲ ਹੋਣ ਦੀ ਚਿੰਤਾ 'ਤੇ ਭਾਰਤ ਸਰਕਾਰ ਨੂੰ ਚਿਤਾਵਨੀ ਜਾਰੀ ਕੀਤੀ ਸੀ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਨੇ ਮਾਮਲੇ ਦੇ ਸਾਰੇ ਸਬੰਧਤ ਪਹਿਲੂਆਂ 'ਤੇ ਗੌਰ ਕਰਨ ਲਈ 18 ਨਵੰਬਰ ਨੂੰ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਪੰਨੂ ਇਕ ਸਿੱਖ ਕੱਟੜਪੰਥੀ ਹੈ ਜਿਸ ਕੋਲ ਅਮਰੀਕਾ ਅਤੇ ਕੈਨੇਡਾ ਦੀ ਨਾਗਰਿਕਤਾ ਹੈ। ਭਾਰਤੀ ਜਾਂਚ ਏਜੰਸੀਆਂ ਨੂੰ ਅੱਤਵਾਦ ਦੇ ਵੱਖ-ਵੱਖ ਦੋਸ਼ਾਂ 'ਚ ਉਸ ਦੀ ਭਾਲ ਹੈ।

ਇਹ ਵੀ ਪੜ੍ਹੋ : ਸੁਰੰਗ 'ਚ ਜਿੱਤ ਗਈ ਜ਼ਿੰਦਗੀ : ਮਸ਼ੀਨਾਂ ਹੋਈਆਂ ਨਾਕਾਮ ਤਾਂ ਰੈਟ ਮਾਈਨਰਜ਼ ਨੇ ਹੱਥਾਂ ਨਾਲ ਖੋਦ ਦਿੱਤਾ ਪਹਾੜ

ਬਾਗਚੀ ਨੇ ਕਿਹਾ,''ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਅਮਰੀਕਾ ਨਾਲ ਦੁਵੱਲੇ ਸੁਰੱਖਿਆ ਸਹਿਯੋਗ 'ਤੇ ਚਰਚਾ ਦੌਰਾਨ ਅਮਰੀਕੀ ਪੱਖ ਨੇ ਸੰਗਠਿਤ ਅਪਰਾਧੀਆਂ, ਬੰਦੂਕ ਚਲਾਉਣ ਵਾਲਿਆਂ, ਅੱਤਵਾਦੀਆਂ ਅਤੇ ਹੋਰਾਂ ਵਿਚਾਲੇ ਗਠਜੋੜ ਨਾਲ ਜੁੜੀਆਂ ਕੁਝ ਜਾਣਕਾਰੀਆਂ ਸਾਂਝੀਆਂ ਕੀਤੀਆਂ ਸਨ।'' ਉਹ ਇਸ ਮਾਮਲੇ 'ਤੇ ਮੀਡੀਆ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ,''ਅਸੀਂ ਇਹ ਵੀ ਸੰਕੇਤ ਦਿੱਤਾ ਹੈ ਕਿ ਭਾਰਤ ਅਜਿਹੀਆਂ ਸੂਚਨਾਵਾਂ ਨੂੰ ਗੰਭੀਰਤਾ ਨਾਲ ਲੈਂਦਾ ਹੈ, ਕਿਉਂਕਿ ਉਹ ਸਾਡੇ ਰਾਸ਼ਟਰੀ ਸੁਰੱਖਿਆ ਹਿੱਤਾਂ 'ਤੇ ਵੀ ਪ੍ਰਭਾਵ ਪਾਉਂਦੀਆਂ ਹਨ ਅਤੇ ਸੰਬੰਧਤ ਵਿਭਾਗ ਪਹਿਲਾਂ ਤੋਂ ਹੀ ਇਸ ਮੁੱਦੇ ਦੀ ਜਾਂਚ ਕਰ ਰਹੇ ਹਨ।'' ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ,''ਇਸ ਸੰਦਰਭ 'ਚ ਇਹ ਸੂਚਿਤ ਕੀਤਾ ਜਾਂਦਾ ਹੈ ਕਿ 18 ਨਵੰਬਰ ਨੂੰ ਭਾਰਤ ਸਰਕਾਰ ਨੇ ਮਾਮਲੇ ਦੇ ਸਾਰੇ ਸੰਬੰਧਤ ਪਹਿਲੂਆਂ 'ਤੇ ਗੌਰ ਕਰਨ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।'' ਬਾਗਚੀ ਨੇ ਕਿਹਾ ਕਿ ਭਾਰਤ ਕਮੇਟੀ ਦੇ ਨਤੀਜਿਆਂ ਦੇ ਆਧਾਰ 'ਤੇ ਜ਼ਰੂਰੀ ਕਾਰਵਾਈ ਕਰੇਗੀ। 'ਫਾਈਨੈਂਸ਼ੀਅਲ ਟਾਈਮਜ਼' ਦੀ ਖ਼ਬਰ ਕੁਝ ਹਫ਼ਤੇ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜੂਨ 'ਚ ਵੈਨਕੂਵਰ ਉਪਨਗਰ 'ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦੇ ਦੋਸ਼ ਲਗਾਏ ਸਨ। ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨੂੰ ਭਾਰਤ ਨੇ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਹਾਲਾਂਕਿ ਇਸ ਘਟਨਾਕ੍ਰਮ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਆ ਗਿਆ। ਖ਼ਬਰ ਤੋਂ ਬਾਅਦ ਬਾਗਚੀ ਨੇ 22 ਨਵੰਬਰ ਨੂੰ ਕਿਹਾ ਸੀ ਕਿ ਅਮਰੀਕੀ ਪੱਖ ਨੇ ਸੰਗਠਿਤ ਅਪਰਾਧੀਆਂ, ਬੰਦੂਕ ਚਲਾਉਣ ਵਾਲਿਆਂ, ਅੱਤਵਾਦੀਆਂ ਅਤੇ ਹੋਰ ਲੋਕਾਂ ਵਿਚਾਲੇ ਮਿਲੀਭਗਤ ਨਾਲ ਸੰਬੰਧਤ ਕੁਝ ਸੂਚਨਾ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਚਨਾ ਦੋਹਾਂ ਦੇਸ਼ਾਂ ਲਈ ਚਿੰਤਾ ਦਾ ਕਾਰਨ ਹੈ ਅਤੇ ਉਨ੍ਹਾਂ ਨੇ ਜ਼ਰੂਰੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News