ਅਮਰੀਕਾ ''ਚ ਫੜੇ ਗਏ ਭਾਰਤੀ ਵਿਦਿਆਰਥੀਆਂ ਲਈ ਭਾਰਤ ਨੇ ਚੁੱਕਿਆ ਵੱਡਾ ਕਦਮ

Saturday, Feb 02, 2019 - 05:10 PM (IST)

ਨਵੀਂ ਦਿੱਲੀ— ਭਾਰਤ ਨੇ ਅਮਰੀਕਾ ਵਿਚ 'ਪੇਅ ਐਂਡ ਸਟੇਅ' ਯੂਨੀਵਰਸਿਟੀ ਵੀਜ਼ਾ ਘਪਲੇ ਵਿਚ ਹਿਰਾਸਤ 'ਚ ਲਏ ਗਏ ਭਾਰਤੀ ਵਿਦਿਆਰਥੀਆਂ ਦੇ ਮਾਮਲੇ ਵਿਚ ਸਖਤ ਰੁਖ਼ ਅਪਣਾਇਆ ਹੈ। ਭਾਰਤ ਨੇ ਅਮਰੀਕੀ ਦੂਤਘਰ ਨੂੰ 'ਇਤਰਾਜ਼ ਚਿੱਠੀ' ਭੇਜੀ ਹੈ। ਵਿਦੇਸ਼ ਮੰਤਰਾਲੇ ਦੇ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਉਸ ਦੇ ਦੂਤਘਰ ਦੇ ਅਧਿਕਾਰੀਆਂ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਤੁਰੰਤ ਮਿਲਣ ਦੇਣ ਦੀ ਵੀ ਮੰਗ ਕੀਤੀ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਸਾਡੀ ਚਿੰਤਾ ਹਿਰਾਸਤ ਵਿਚ ਲਏ ਗਏ ਭਾਰਤੀਆਂ ਦੇ ਸਨਮਾਨ ਅਤੇ ਉਨ੍ਹਾਂ ਦੀ ਸਲਾਮਤੀ ਨੂੰ ਲੈ ਕੇ ਹੈ। ਭਾਰਤ ਨੇ ਇਹ ਵੀ ਕਿਹਾ ਹੈ ਕਿ ਅਜਿਹਾ ਹੋ ਸਕਦਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਯੂਨੀਵਰਸਿਟੀ 'ਚ ਦਾਖਲੇ ਦੇ ਮਾਮਲੇ ਵਿਚ ਧੋਖਾ ਦਿੱਤਾ ਗਿਆ ਹੋਵੇ। ਇਨ੍ਹਾਂ ਦੇ ਨਾਲ ਉਨ੍ਹਾਂ ਲੋਕਾਂ ਤੋਂ ਵੱਖਰਾ ਵਤੀਰਾ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਇਨ੍ਹਾਂ ਨੂੰ ਧੋਖਾ ਦਿੱਤਾ ਹੈ। ਭਾਰਤ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਉਸ ਨੂੰ ਇਨ੍ਹਾਂ ਵਿਦਿਆਰਥੀਆਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਇੱਛਾ ਦੇ ਬਿਨਾਂ ਉਨ੍ਹਾਂ ਨੂੰ ਵਾਪਸ ਦੇਸ਼ ਨਾ ਭੇਜਿਆ ਜਾਵੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਰਕਾਰ ਇਨ੍ਹਾਂ ਵਿਦਿਆਰਥੀਆਂ ਦੇ ਮੁੱਦੇ ਦੇ ਹੱਲ ਦੀ ਦਿਸ਼ਾ ਵਿਚ ਕਦਮ ਚੁੱਕ ਰਹੀ ਹੈ ਅਤੇ ਸਥਿਤੀ 'ਤੇ ਨੇੜੇ ਤੋਂ ਨਜ਼ਰ ਰੱਖ ਰਹੀ ਹੈ। 

ਦੱਸਣਯੋਗ ਹੈ ਕਿ ਭਾਰਤ ਦੇ 129 ਵਿਦਿਆਰਥੀਆਂ ਨੂੰ 'ਪੇਅ ਐਂਡ ਸਟੇਅ' ਯੂਨੀਵਰਸਿਟੀ ਵੀਜ਼ਾ ਘਪਲੇ ਦੇ ਮਾਮਲੇ ਵਿਚ ਬੁੱਧਵਾਰ ਨੂੰ ਹਿਰਾਸਤ 'ਚ ਲਿਆ ਗਿਆ। ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਵਿਚ ਸਥਿਤ ਦੂਤਘਰਾਂ ਅਤੇ ਮਿਸ਼ਨਾਂ ਦੇ ਅਧਿਕਾਰੀ ਇਨ੍ਹਾਂ ਵਿਦਿਆਰਥੀਆਂ ਨੂੰ ਮਿਲਣ ਦੀ ਕੋਸ਼ਿਸ਼ ਵਿਚ ਅਮਰੀਕਾ 'ਚ ਸਥਿਤ ਕਈ ਬੰਦੀ ਕੇਂਦਰਾਂ ਵਿਚ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਹੁਣ ਤਕ 30 ਭਾਰਤੀ ਵਿਦਿਆਰਥੀਆਂ ਨਾਲ ਸੰਪਰਕ ਕਰਨ ਵਿਚ ਸਫਲਤਾ ਮਿਲੀ ਹੈ, ਜਦਕਿ ਹੋਰ ਵਿਦਿਆਰਥੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰਾਲੇ ਨੇ ਵਾਸ਼ਿੰਗਟਨ ਸਥਿਤ ਭਾਰਤੀ ਦੂਤਘਰ 'ਚ 24 ਘੰਟੇ ਕੰਮ ਕਰਨ ਵਾਲੀ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ। ਇਸ ਹੈਲਪਲਾਈਨ ਦੇ ਨੰਬਰਾਂ 202-322-1190 ਅਤੇ 202-340-2590 'ਤੇ ਦੂਤਘਰ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ।


Tanu

Content Editor

Related News