J&K : ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ

Sunday, Jul 14, 2024 - 08:55 PM (IST)

J&K : ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫੌਜ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੇਰਨ ਸੈਕਟਰ 'ਚ ਐੱਲ.ਓ.ਸੀ. 'ਤੇ ਫੌਜ ਨੇ ਐਤਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਇਸ ਦੌਰਾਨ ਭਾਰਤੀ ਫੌਜ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। 

ਘੁਸਪੈਠੀਆਂ ਦੇ ਇਕ ਸਮੂਹ ਨੂੰ ਫੌਜ ਨੇ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਜਿਨ੍ਹਾਂ ਦੀਆਂ ਲਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਆਪਰੇਸ਼ਨ ਅਜੇ ਵੀ ਜਾਰੀ ਹੈ। 

ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ 

ਇਸ ਤੋਂ ਪਹਿਲਾਂ ਵੀਰਵਾਰ ਨੂੰ ਫੌਜ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਸ਼ੱਕੀ ਅੱਤਵਾਦੀਆਂ ਦਾ ਇੱਕ ਸਮੂਹ ਰਾਤ ਸਮੇਂ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅਸਫਲ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਪਿੱਛੇ ਵੱਲ ਭੱਜਣਾ ਪਿਆ। ਜਦੋਂ ਅੱਤਵਾਦੀਆਂ ਨੇ ਕੰਟਰੋਲ ਰੇਖਾ (ਐੱਲ.ਓ.ਸੀ.) ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਤਾਂ ਫੌਜ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਅੱਤਵਾਦੀਆਂ ਨੂੰ ਵਾਪਸ ਪਰਤਣਾ ਪਿਆ।

ਕਠੂਆ 'ਚ ਸੋਮਵਾਰ ਨੂੰ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਗ੍ਰੇਨੇਡ ਨਾਲ ਹਮਲਾ ਕੀਤਾ ਸੀ, ਜਿਸ 'ਚ 5 ਜਵਾਨ ਸ਼ਹੀਦ ਹੋ ਗਏ। ਇਸ ਤੋਂ ਬਾਅਦ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਵੀ ਹੋਇਆ। ਹਮਲੇ ਤੋਂ ਬਾਅਦ ਮੌਕੇ ਤੋਂ ਫੌਜ ਦੇ ਵਾਹਨ ਦੀ ਤਸਵੀਰ ਵੀ ਸਾਹਮਣੇ ਆਈ, ਜਿਸ 'ਚ ਉਹ ਗੋਲੀਬਾਰੀ ਕਾਰਨ ਨੁਕਸਾਨਿਆ ਹੋਇਆ ਨਜ਼ਰ ਆ ਰਿਹਾ ਸੀ।

ਹਮਲੇ ਤੋਂ ਬਾਅਦ ਘਾਟੀ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਪਹਾੜੀ 'ਤੇ ਲੁਕੇ ਹੋਏ ਅੱਤਵਾਦੀਆਂ ਨੇ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ ਅਤੇ ਫੌਜ ਦੇ ਵਾਹਨ 'ਤੇ ਗ੍ਰੇਨੇਡ ਵੀ ਸੁੱਟਿਆ। ਪਿਛਲੇ ਕੁਝ ਦਿਨਾਂ ਤੋਂ ਘਾਟੀ 'ਚ ਅਸ਼ਾਂਤੀ ਵੱਧ ਗਈ ਹੈ। ਅੱਤਵਾਦੀਆਂ ਨਾਲ ਮੁਕਾਬਲੇ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ।


author

Rakesh

Content Editor

Related News