ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼; 1.78 ਕਰੋੜ ਦਾ ਗਾਂਜਾ ਬਰਾਮਦ
Sunday, Sep 22, 2024 - 04:19 PM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਇਕ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕਰਦੇ ਹੋਏ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਕੋਲੋਂ 357 ਕਿਲੋ ਗਾਂਜਾ ਵੀ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 1.78 ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਦੇ ਸਰਹੱਦੀ ਇਲਾਕਿਆਂ ਤੋਂ ਨਸ਼ੀਲੇ ਪਦਾਰਥ ਲਿਆ ਕੇ ਦਿੱਲੀ-ਐਨਸੀਆਰ ਵਿਚ ਤਸਕਰੀ ਕਰਦੇ ਸਨ।
ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸੰਦੀਪ, ਜੋਗਿੰਦਰ, ਨਵੀਨ ਕੁਮਾਰ ਅਤੇ ਰਾਜੇਸ਼ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਨਸ਼ਾ ਤਸਕਰ ਗਿਰੋਹ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਸੰਦੀਪ, ਜੋਗਿੰਦਰ ਅਤੇ ਨਵੀਨ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 357 ਕਿਲੋ ਗਾਂਜਾ ਬਰਾਮਦ ਕੀਤਾ ਗਿਆ।
ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਦਿੱਲੀ ਪੁਲਸ ਦੀ ਟੀਮ ਨੇ ਓਡੀਸ਼ਾ ਦੇ ਰਹਿਣ ਵਾਲੇ ਰਾਜੇਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਕੀਤੀ ਸੀ ਅਤੇ ਉਸੇ ਦੇ ਪੈਸੇ ਇਕੱਠੇ ਕਰਨ ਲਈ ਉਹ ਦਿੱਲੀ 'ਚ ਸੀ।