ਕੌਮਾਂਤਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਕੁਰੂਕਸ਼ੇਤਰ ਤੋਂ ਅੱਗੇ ਰਵਾਨਾ

Wednesday, Oct 09, 2019 - 04:53 PM (IST)

ਕੌਮਾਂਤਰੀ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਕੁਰੂਕਸ਼ੇਤਰ ਤੋਂ ਅੱਗੇ ਰਵਾਨਾ

ਅੰਮ੍ਰਿਤਸਰ/ਕੁਰੂਕਸ਼ੇਤਰ (ਦੀਪਕ ਸ਼ਰਮਾ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ ਕੁਰੂਕਸ਼ੇਤਰ ਤੋਂ ਗੁਰਦੁਆਰਾ ਕਰਾਹ ਸਾਹਿਬ ਪਾਤਸ਼ਾਹੀ ਪਹਿਲੀ ਲਈ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ 4 ਅਕਤੂਬਰ ਨੂੰ ਦਿੱਲੀ ਤੋਂ ਹਰਿਆਣਾ ਵਿਚ ਪ੍ਰਵੇਸ਼ ਕੀਤੇ ਨਗਰ ਕੀਰਤਨ ਦਾ ਸੂਬੇ ਦੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਵੱਖ-ਵੱਖ ਪੜਾਵਾਂ 'ਤੇ ਹਜ਼ਾਰਾਂ ਸੰਗਤਾਂ ਦਾ ਇਕੱਠ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰ ਰਿਹਾ ਹੈ। ਇਸੇ ਦੌਰਾਨ ਅੱਜ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੀ ਸੰਗਤ ਨੇ ਭਰਵੀਂ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ। 
ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤ ਵੱਲੋਂ ਸ਼ਰਧਾ ਨਾਲ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਰਵਾਨਗੀ ਤੋਂ ਪਹਿਲਾਂ ਸਜੇ ਧਾਰਮਿਕ ਦੀਵਾਨਾਂ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਨਗਰ ਕੀਰਤਨ ਨਾਲ ਚੱਲ ਰਹੇ ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਨਗਰ ਕੀਰਤਨ ਦੇ ਮਾਰਗ 'ਤੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਪੁੱਜ ਰਹੀਆਂ ਹਨ। ਵੱਖ-ਵੱਖ ਥਾਵਾਂ 'ਤੇ ਸਵਾਗਤੀ ਗੇਟ ਅਤੇ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਵਾਗਤ ਲਈ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਸ. ਤੇਜਿੰਦਰਪਾਲ ਸਿੰਘ ਢਿੱਲੋਂ, ਸ. ਪਰਮਜੀਤ ਸਿੰਘ ਇੰਚਾਰਜ ਉਪ ਦਫ਼ਤਰ ਹਰਿਆਣਾ, ਭਾਈ ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ, ਬਾਬਾ ਗੁਰਵਿੰਦਰ ਸਿੰਘ ਮਾਂਡੀ, ਬਾਬਾ ਸੁਬੇਗ ਸਿੰਘ ਕਾਰਸੇਵਾ ਵਾਲੇ, ਸ. ਜਰਨੈਲ ਸਿੰਘ, ਭਾਈ ਗਜਿੰਦਰ ਸਿੰਘ ਮਾਂਡੀ ਆਦਿ ਮੌਜੂਦ ਸਨ।


author

Tanu

Content Editor

Related News