ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੇਹ ਵਿੱਚ ਇੰਟਰਨੈੱਟ ਸੇਵਾਵਾਂ ਬੰਦ
Friday, Sep 26, 2025 - 05:31 PM (IST)

ਨੈਸ਼ਨਲ ਡੈਸਕ- ਲੱਦਾਖ 'ਚ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਦੀ ਅਗਵਾਈ ਕਰ ਰਹੇ ਵਾਤਾਵਰਣ ਪ੍ਰੇਮੀ ਅਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ੁੱਕਰਵਾਰ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਲੇਹ ਵਿੱਚ ਬੰਦ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਭਿਆਨਕ ਝੜਪਾਂ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ। ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੇਹ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਸੋਨਮ ਵਾਂਗਚੁਕ ਨੂੰ ਡੀ.ਜੀ.ਪੀ. ਐੱਸ.ਡੀ. ਸਿੰਘ ਜਾਮਵਾਲ ਦੀ ਅਗਵਾਈ ਵਾਲੀ ਲੱਦਾਖ ਪੁਲਸ ਦੀ ਇੱਕ ਟੀਮ ਨੇ ਗ੍ਰਿਫ਼ਤਾਰ ਕੀਤਾ ਗਿਆ। ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਲੇਹ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ ਬ੍ਰਾਡਬੈਂਡ ਸਪੀਡ ਘਟਾ ਦਿੱਤੀ ਗਈ ਹੈ।
ਦਰਅਸਲ, 24 ਸਤੰਬਰ ਯਾਨੀ ਬੁੱਧਵਾਰ ਨੂੰ ਲੇਹ ਵਿੱਚ ਹਿੰਸਕ ਝੜਪ ਹੋਈ ਸੀ ਜਿਸ ਦੇ ਨਤੀਜੇ ਵਜੋਂ ਚਾਰ ਮੌਤਾਂ ਹੋਈਆਂ ਅਤੇ 90 ਜ਼ਖਮੀ ਹੋ ਗਏ। ਹਿੰਸਕ ਝੜਪਾਂ ਤੋਂ ਬਾਅਦ ਲੇਹ ਵਿੱਚ ਕਰਫਿਊ ਲਗਾ ਦਿੱਤਾ ਗਿਆ। ਪੁਲਸ ਅਤੇ ਅਰਧ ਸੈਨਿਕ ਬਲਾਂ ਨੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ। ਹੁਣ ਤੱਕ 50 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।