ਪੇਪਰ ਲੀਕ ਮਾਮਲੇ ''ਚ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ ਨੂੰ ਘੇਰਿਆ

Monday, May 25, 2026 - 05:07 PM (IST)

ਪੇਪਰ ਲੀਕ ਮਾਮਲੇ ''ਚ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ ਨੂੰ ਘੇਰਿਆ

ਨੈਸ਼ਨਲ ਡੈਸਕ : ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੇਸ਼ 'ਚ ਜਨਤਕ ਪ੍ਰੀਖਿਆਵਾਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਲੰਮੇਂ ਹੱਥੀਂ ਲਿਆ ਹੈ। ਉਨ੍ਹਾਂ ਨੇ NEET-UG 2026 ਪ੍ਰੀਖਿਆ ਵਿੱਚ ਹੋਏ ਕਥਿਤ ਪੇਪਰ ਲੀਕ ਅਤੇ ਗੜਬੜੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।

ਜੈਰਾਮ ਰਮੇਸ਼ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ ਦੇ ਮੁੱਦੇ ਨੂੰ ਰਾਹੁਲ ਗਾਂਧੀ ਵੱਲੋਂ 'ਭਾਰਤ ਜੋੜੋ ਨਿਆਏ ਯਾਤਰਾ' ਦੌਰਾਨ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ। ਇਸ ਦੇ ਜਵਾਬ ਵਿੱਚ ਮੋਦੀ ਸਰਕਾਰ ਨੇ ਫਰਵਰੀ 2024 ਵਿੱਚ 'ਪਬਲਿਕ ਐਗਜ਼ਾਮੀਨੇਸ਼ਨ ਐਕਟ' ਪਾਸ ਕੀਤਾ, ਜਿਸ ਨੂੰ ਸਰਕਾਰ ਨੇ 'ਇਤਿਹਾਸਕ' ਦੱਸਿਆ ਸੀ। ਹਾਲਾਂਕਿ, ਰਮੇਸ਼ ਮੁਤਾਬਕ ਵਿਰੋਧੀ ਧਿਰ ਨੇ ਉਦੋਂ ਹੀ ਚਿਤਾਵਨੀ ਦਿੱਤੀ ਸੀ ਕਿ ਇਹ ਕਾਨੂੰਨ ਪੇਪਰ ਲੀਕ ਰੋਕਣ ਵਿੱਚ ਅਸਮਰਥ ਹੈ, ਜੋ ਕਿ ਹੁਣ ਸੱਚ ਸਾਬਤ ਹੋ ਰਿਹਾ ਹੈ।

ਕਾਂਗਰਸ ਨੇਤਾ ਨੇ ਦੋਸ਼ ਲਾਇਆ ਕਿ ਭਾਵੇਂ ਸਰਕਾਰ ਸੰਸਦੀ ਕਮੇਟੀ ਸਾਹਮਣੇ ਪੇਪਰ ਲੀਕ ਤੋਂ ਇਨਕਾਰ ਕਰ ਰਹੀ ਹੈ, ਪਰ ਇਹ ਸਪੱਸ਼ਟ ਹੈ ਕਿ ਇੱਕ 'ਗੈੱਸ ਪੇਪਰ' ਸਭ ਤੋਂ ਉੱਚੀ ਬੋਲੀ ਲਗਾਉਣ ਵਾਲਿਆਂ ਤੱਕ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਅਣਗਹਿਲੀ ਕਾਰਨ ਪਿਛਲੇ ਦੋ ਸਾਲਾਂ ਵਿੱਚ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ਚੁੱਕਾ ਹੈ।

ਕਾਂਗਰਸ ਦੀਆਂ ਤਿੰਨ ਪ੍ਰਮੁੱਖ ਮੰਗਾਂ
 ਜੈਰਾਮ ਰਮੇਸ਼ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤਿੰਨ ਮੁੱਖ ਕਦਮ ਚੁੱਕਣ ਦੀ ਗੱਲ ਕਹੀ ਹੈ:
1.ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
2.ਨੈਸ਼ਨਲ ਟੈਸਟਿੰਗ ਏਜੰਸੀ (NTA) ਵਿੱਚ ਵਿਆਪਕ ਸੁਧਾਰ ਕੀਤੇ ਜਾਣੇ ਚਾਹੀਦੇ ਹਨ।
3.ਪ੍ਰੀਖਿਆ ਦੇ ਪ੍ਰਸ਼ਨ ਪੱਤਰ ਤਿਆਰ ਕਰਨ ਤੋਂ ਲੈ ਕੇ ਮੁਲਾਂਕਣ ਤੱਕ ਦੀ ਪੂਰੀ ਪ੍ਰਕਿਰਿਆ ਲਈ ਇੱਕ 'ਫੂਲਪਰੂਫ ਪ੍ਰੋਟੋਕੋਲ' ਵਿਕਸਿਤ ਕੀਤਾ ਜਾਵੇ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕੀਤਾ ਕਿ ਕੀ ਉਹ ਵਿਦਿਆਰਥੀਆਂ ਦੀ ਭਲਾਈ ਲਈ ਕੋਈ ਵਚਨਬੱਧਤਾ ਦਿਖਾਉਣਗੇ ਜਾਂ ਉਨ੍ਹਾਂ ਦੀ ਇਹ 'ਉਦਾਸੀਨਤਾ' ਜਾਰੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News