ਰੂਸ ਪੁੱਜੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ, ਅੱਤਵਾਦ ਬਾਰੇ ਦਿੱਤਾ ਸਖ਼ਤ ਸੁਨੇਹਾ
Wednesday, Nov 19, 2025 - 09:37 AM (IST)
ਇੰਟਰਨੈਸ਼ਨਲ ਡੈਸਕ- ਅੱਤਵਾਦ ਨੂੰ ਵਿਸ਼ਵ ਪੱਧਰ ’ਤੇ ਸਭ ਤੋਂ ਗੰਭੀਰ ਖ਼ਤਰਾ ਦੱਸਦੇ ਹੋਏ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਨੂੰ ਕਿਸੇ ਵੀ ਰੂਪ ਵਿਚ ਬਰਦਾਸ਼ਤ ਨਾ ਕਰੇ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਅੱਤਵਾਦ ਦੇ ਮਾਮਲੇ ’ਚ ਕੋਈ ਸਮਝੌਤਾ, ਕੋਈ ਬਹਾਨੇਬਾਜ਼ੀ ਜਾਂ ਕੋਈ ਪਰਦਾ ਪਾਉਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਮੰਗਲਵਾਰ ਨੂੰ ਮਾਸਕੋ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਮੁਖੀਆਂ ਦੀ ਪ੍ਰੀਸ਼ਦ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੈਸ਼ੰਕਰ ਨੇ ਜ਼ੋਰ ਦੇ ਕੇ ਕਿਹਾ ਕਿ ਐੱਸ.ਸੀ.ਓ. ਅਸਲ ਵਿਚ ਅੱਤਵਾਦ, ਵੱਖਵਾਦ ਅਤੇ ਕੱਟੜਵਾਦ ਵਰਗੀਆਂ ਤਿੰਨ ਕੁਰੀਤੀਆਂ ਦਾ ਮੁਕਾਬਲਾ ਕਰਨ ਲਈ ਸਥਾਪਿਤ ਕੀਤਾ ਗਿਆ ਸੀ ਪਰ ਹਾਲ ਹੀ ਦੇ ਸਾਲਾਂ ਵਿਚ ਇਹ ਖਤਰੇ ਹੋਰ ਵੀ ਗੰਭੀਰ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਦੇ ਸਾਰੇ ਸਰੂਪਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਨਾਗਰਿਕਾਂ ਨੂੰ ਅੱਤਵਾਦੀ ਖਤਰਿਆਂ ਤੋਂ ਬਚਾਉਣ ਦਾ ਪੂਰਾ ਅਧਿਕਾਰ ਹੈ ਅਤੇ ਅਸੀਂ ਇਸ ਅਧਿਕਾਰ ਦੀ ਵਰਤੋਂ ਕਰਦੇ ਰਹਾਂਗੇ।
ਜੈਸ਼ੰਕਰ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ
ਇਸ ਦੌਰਾਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੇ ਮੈਂਬਰ ਦੇਸ਼ਾਂ ਦੇ ਵਫ਼ਦ ਦੇ ਮੈਂਬਰਾਂ ਨਾਲ ਮੰਗਲਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਸੋਮਵਾਰ ਨੂੰ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਵੀ ਵਿਆਪਕ ਗੱਲਬਾਤ ਕੀਤੀ ਸੀ।
