ਸਾਰੇ ਦਲਾਂ ਦੀ ਬੈਠਕ : ਕਸ਼ਮੀਰੀ ਆਗੂਆਂ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ਸ਼ੁਰੂ
Thursday, Jun 24, 2021 - 03:58 PM (IST)
ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁਲਾਈ ਗਈ ਸਾਰੇ ਦਲਾਂ ਦੀ ਬੈਠਕ ਵੀਰਵਾਰ ਨੂੰ ਇੱਥੇ 7, ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਦੀ ਅਧਿਕਾਰਤ ਰਿਹਾਇਸ਼ 'ਤੇ ਸ਼ੁਰੂ ਹੋ ਗਈ। ਇਸ ਬੈਠਕ 'ਚ 8 ਦਲਾਂ ਦੇ 14 ਨੇਤਾ ਬੁਲਾਏ ਗਏ ਹਨ। ਇਨ੍ਹਾਂ ਨੇਤਾਵਾਂ 'ਚ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਫਾਰੂਖ ਅਬਦੁੱਲਾ, ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਅਤੇ ਸਾਬਕਾ ਕੇਂਦਰੀ ਮੰਤਰੀ ਗੁਲਾਮ ਨਬੀ ਆਜ਼ਾਦ ਮੁੱਖ ਹਨ। ਭਾਜਪਾ ਵਲੋਂ ਬੈਠਕ 'ਚ ਸ਼ਾਮਲ ਹੋਣ ਲਈ ਜੰਮੂ ਕਸ਼ਮੀਰ ਇਕਾਈ ਦੇ ਪ੍ਰਦਾਨ ਰਵਿੰਦਰ ਰੈਨਾ, ਸਾਬਕਾ ਉੱਪ ਮੁੱਖ ਮੰਤਰੀ ਕਵਿੰਦਰ ਗੁਪਤਾ ਅਤੇ ਨਿਰਮਲ ਸਿੰਘ ਵੀ ਪ੍ਰਧਾਨ ਮੰਤਰੀ ਦੇ ਘਰ ਪਹੁੰਚੇ।
ਸੂਤਰਾਂ ਅਨੁਸਾਰ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ, ਪ੍ਰਧਾਨ ਮੰਤਰੀ ਦਫ਼ਤਰ 'ਚ ਰਾਜ ਮੰਤਰੀ ਜਿਤੇਂਦਰ ਸਿੰਘ ਸਮੇਤ ਪੀ.ਐੱਮ.ਓ. ਅਤੇ ਕੇਂਦਰੀ ਗ੍ਰਹਿ ਮੰਤਰਾਲਾ ਦੇ ਸੀਨੀਅਰ ਅਧਿਕਾਰੀ ਮੌਜੂਦ ਹਨ। ਜੰਮੂ ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਅਤੇ ਰਾਜ ਦੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡੇ ਜਾਣਤੋਂ ਬਾਅਦ ਇਹ ਪਹਿਲੀ ਅਜਿਹੀ ਬੈਠਕ ਹੈ, ਜਿਸ ਦੀ ਪ੍ਰਧਾਨਗੀ ਖ਼ੁਦ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ। ਇਹ ਬੈਠਕ ਅਜਿਹੇ ਸਮੇਂ ਹੋ ਰਹੀ ਹੈ, ਜਦੋਂ ਇਕ ਦਿਨ ਪਹਿਲਾਂ ਹੀ ਪਰਿਸੀਮਨ ਕਮਿਸ਼ਨ (ਹੱਦਬੰਦੀ ਕਮਿਸ਼ਨ) ਦੇ ਇਕ ਸੀਨੀਅਰ ਅਧਿਕਾਰੀ ਨੇ ਜੰਮੂ ਕਸ਼ਮੀਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੌਜੂਦਾ ਵਿਧਾਨ ਸਭਾ ਖੇਤਰਾਂ ਦੇ ਮੁੜ ਗਠਨ ਅਤੇ 7 ਨਵੀਆਂ ਸੀਟਾਂ ਬਣਨ 'ਤੇ ਵਿਚਾਰ-ਵਟਾਂਦਰਾ ਕੀਤਾ ਸੀ। ਹੱਦਬੰਦੀ ਦੀ ਕਵਾਇਦ ਤੋਂ ਬਾਅਦ ਜੰਮੂ ਕਸ਼ਮੀਰ 'ਚ ਵਿਧਾਨ ਸਭਾ ਸੀਟਾਂ ਦੀ ਗਿਣਤੀ 83 ਤੋਂ ਵਧ ਕੇ 90 ਹੋ ਜਾਵੇਗੀ। ਦੱਸਣਯੋਗ ਹੈ ਕਿ 5 ਅਗਸਤ 2019 ਨੂੰ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਸੂਬੇ ਨੂੰ ਜੰਮੂ ਕਸ਼ਮੀਰ ਅਤੇ ਲੱਦਾਖ ਦੇ ਰੂਪ 'ਚ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਵੰਡ ਦਿੱਤਾ ਗਿਆ ਸੀ।